ਵਿਧਾਇਕ ਗੈਰੀ ਬੜਿੰਗ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟਰੇਸ਼ਨ ਕੈਂਪਾਂ ਦੀ ਕਰਵਾਈ ਸ਼ੁਰੂਆਤ
ਅਮਲੋਹ(ਅਜੇ ਕੁਮਾਰ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੇ ਕਲਿਆਣ ਲਈ ਚਲਾਈਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਦਿਆਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਿੰਡ ਸਲਾਣਾ ਅਤੇ ਕਲਾਲ ਮਾਜਰਾ ਵਿਖੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟਰੇਸ਼ਨ ਕੈਂਪਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਹ ਕੈਂਪ ਇਲਾਕੇ ਦੀਆਂ ਮਹਿਲਾਵਾਂ ਅਤੇ ਬਜ਼ੁਰਗ ਮਾਵਾਂ-ਭੈਣਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸਰਕਾਰੀ ਸੁਵਿਧਾਵਾਂ ਦਾ ਲਾਭ ਸਿੱਧੇ ਤੌਰ ’ਤੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਏ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਯੋਜਨਾ ਦਾ ਮੁੱਖ ਮਕਸਦ ਸਾਡੀਆਂ ਸਤਿਕਾਰਯੋਗ ਮਾਵਾਂ-ਧੀਆਂ ਨੂੰ ਸਮਾਜ ਵਿੱਚ ਬਣਦਾ ਮਾਣ-ਸਤਿਕਾਰ ਦੇਣਾ ਅਤੇ ਉਨ੍ਹਾਂ ਦੀ ਆਰਥਿਕ ਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦੁਆਰ ਆ ਕੇ ਸੇਵਾ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਤਾਂ ਜੋ ਕਿਸੇ ਵੀ ਗਰੀਬ ਜਾਂ ਲੋੜਵੰਦ ਪਰਿਵਾਰ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਇਸ ਮੌਕੇ ਪਿੰਡਾਂ ਦੇ ਸਰਪੰਚ, ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਆਦਿ ਮੌਜੂਦ ਸਨ। ਵਿਧਾਇਕ ਨੇ ਲੋਕਾਂ ਨੂੰ ਇਨ੍ਹਾਂ ਕੈਪਾਂ ਵਿਚ ਰਜਿਸਟਰੇਸਨ ਕਰਵਾਉਂਣ ਦੀ ਅਪੀਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਕਿ ਰਜਿਸਟਰੇਸ਼ਨ ਦੀ ਪ੍ਰਕਿਰਿਆ ਨੂੰ ਬਿਲਕੁਲ ਸਰਲ ਅਤੇ ਪਾਰਦਰਸ਼ੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਅਸਲ ਲੋੜਵੰਦ ਇਸ ਭਲਾਈ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੁਹਰਾਇਆ ਕਿ ਹਲਕਾ ਅਮਲੋਹ ਦੇ ਹਰ ਇੱਕ ਪਿੰਡ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਹੀ ਉਨ੍ਹਾਂ ਦਾ ਮਨੋਰਥ ਹੈ।
ਫੋਟੋ ਕੈਪਸਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਕੈਪ ਦੀ ਸੁਰੂਆਤ ਕਰਵਾਉਂਦੇ ਹੋਏ।