ਬੀਜਾ ਨੇੜੇ ਚੱਲਦੀ ਬੱਸ ਨੂੰ ਲੱਗੀ ਭਿਆਨਕ ਅੱਗ, ਸਾਰੀਆਂ ਸਵਾਰੀਆਂ ਸੁਰੱਖਿਅਤ ਬਚਾਈਆਂ

ਦੋਰਾਹਾ/ਬੀਜਾ, 21 ਜੂਨ (ਗੁਰਦੀਪ ਸਿੰਘ ਸ਼ਾਹਪੁਰ/ਅਮਿਤ ਬਾਂਸਲ) — ਲੁਧਿਆਣਾ ਤੋਂ ਉੱਤਰ ਪ੍ਰਦੇਸ਼ ਵੱਲ ਜਾ ਰਹੀ ਇੱਕ ਪ੍ਰਾਈਵੇਟ ਬੱਸ ਨੂੰ ਕਸਬਾ ਬੀਜਾ ਨੇੜੇ ਅਚਾਨਕ ਭਿਆਨਕ ਅੱਗ ਲੱਗ ਜਾਣ ਕਾਰਨ ਇਲਾਕੇ ਵਿੱਚ ਹੜਕੰਪ ਮੱਚ ਗਿਆ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਪੂਰੀ ਬੱਸ ਅੱਗ ਦੀ ਲਪੇਟ ਵਿੱਚ ਆ ਗਈ ਅਤੇ ਸੜ ਕੇ ਸੁਆਹ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾਇਆ। ਇਸ ਤੋਂ ਪਹਿਲਾਂ ਬੱਸ ਵਿੱਚ ਸਵਾਰ ਸਾਰੀਆਂ ਸਵਾਰੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਣ ਤੋਂ ਟਲ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ ਇਹ ਬੱਸ ਲੁਧਿਆਣਾ ਤੋਂ ਉੱਤਰ ਪ੍ਰਦੇਸ਼ ਜਾ ਰਹੀ ਸੀ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿੱਚ ਸਵਾਰ ਯਾਤਰੀਆਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਸਵਾਰੀਆਂ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਫਿਲਹਾਲ ਘਟਨਾ ਕਾਰਨ ਕੁਝ ਸਮੇਂ ਲਈ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ, ਪਰ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ।
Post Views: 6