ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਤੇ ਆਧਾਰਿਤ ਦਸਤਾਵੇਜ਼ੀ ਫਿਲਮ
ਅਮਲੋਹ(ਅਜੇ ਕੁਮਾਰ)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਡਾਕੂਮੈਂਟਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਬੀਤੀ ਰਾਤ ਡਾਕੂਮੈਂਟਰੀ ਵੈਨ ਨੇ ਪਿੰਡ ਚਣੋਂ, ਰਾਜਿੰਦਰ ਨਗਰ, ਬੁੱਗਾ ਕਲਾਂ ਅਤੇ ਰਾਏਪੁਰ ਚੋਬਦਾਰਾਂ ਵਿਖੇ ਵੈਨ ’ਤੇ ਲੱਗੀ ਐਲ.ਈ.ਡੀ. ਸਕਰੀਨ ਰਾਹੀਂ ਲੋਕਾਂ ਨੂੰ ਫਿਲਮ ਦਿਖਾਈ। ਉਨ੍ਹਾਂ ਕਿਹਾ ਕਿ ਫਿਲਮ ਵਿੱਚ ਗੁਰੂ ਸਾਹਿਬ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਨਾਉਣ ਦੇ ਸੁਨੇਹੇ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਿਖਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਸਦਭਾਵਨਾ, ਏਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਫੋਟੋ ਕੈਪਸਨ: ਪਿੰਡਾਂ ਵਿਚ ਫਿਲਮ ਦੇਖਦੇ ਹੋਏ ਲੋਕ।