ਜਲੰਧਰ 30 ਅਗਸਤ (ਪਰਮਿੰਦਰ ਸਿੰਘ ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅਗਲੇ ਮਹੀਨੇ ਜਲੰਧਰ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ‘ਤੇ ਅਜਿਹੇ 6 ਸ਼ੋਅ ਕਰਵਾਏ ਜਾਣਗੇ। ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਅਤੇ ਪੰਜਾਬ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਸੰਤ ਸਮਾਜ ਦੇ ਮੈਂਬਰਾਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਕਿਹਾ ਕਿ ਡ੍ਰੋਨ ਸ਼ੋਅ ਵਿੱਚ ਸ਼ਾਨਦਾਰ ਦ੍ਰਿਸ਼ਾਂ ਦੇ ਜ਼ਰੀਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫ਼ਲਸਫੇ ਅਤੇ ਸਿੱਖਿਆਵਾਂ ਨੂੰ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਸ਼੍ਰੀ ਬਲਕਾਰ ਸਿੰਘ ਅਤੇ ਮੈਡਮ ਇੰਦਰਜੀਤ ਕੌਰ ਮਾਨ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸ਼੍ਰੀ ਪਵਨ ਕੁਮਾਰ ਟੀਨੂੰ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ਼੍ਰੀ ਸੰਜੀਵ ਤਿਵਾਰੀ, ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ‘ਆਪ’ ਦੇ ਸੀਨੀਅਰ ਆਗੂ ਸ਼੍ਰੀ ਪਿੰਦਰ ਪੰਡੋਰੀ, ਸ਼੍ਰੀ ਸੱਜਣ ਸਿੰਘ ਚੀਮਾ, ਮੈਡਮ ਰਾਜਵਿੰਦਰ ਕੌਰ ਥਿਆੜਾ ਤੇ ਮੈਡਮ ਹਰਜੋਤ ਕੌਰ ਵੀ ਮੌਜੂਦ ਸਨ। ਜਲੰਧਰ ਜ਼ਿਲ੍ਹੇ ਵਿੱਚ ਹੋਣ ਵਾਲੇ 6 ਸ਼ੋਅ ਜਲੰਧਰ ਸ਼ਹਿਰ, ਨਕੋਦਰ, ਸ਼ਾਹਕੋਟ, ਫਿਲੌਰ, ਆਦਮਪੁਰ ਅਤੇ ਕਰਤਾਰਪੁਰ ਖੇਤਰ ਨੂੰ ਕਵਰ ਕਰਨਗੇ। ਸ਼੍ਰੀ ਭਗਤ ਅਤੇ ਸ਼੍ਰੀ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਇਤਿਹਾਸਕ ਪਹਿਲਕਦਮੀ ਕੀਤੀ ਹੈ। ਇਸ ਤਹਿਤ ਦਸਤਾਵੇਜ਼ੀ ਫਿਲਮਾਂ ਦਾ ਪ੍ਰਦਰਸ਼ਨ, ਬੂਟੇ ਲਗਾਉਣ ਦੀਆਂ ਮੁਹਿੰਮਾਂ, ਕੀਰਤਨ ਦਰਬਾਰ, ਸੈਮੀਨਾਰ ਅਤੇ ਮੈਰਾਥਨ ਵਰਗੇ ਪ੍ਰੋਗਰਾਮ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਡ੍ਰੋਨ ਸ਼ੋਅ, ਸਾਈਕਲੋਥੋਨ, ਸ਼ੋਭਾ ਯਾਤਰਾਵਾਂ ਅਤੇ ਹੋਰ ਪ੍ਰੋਗਰਾਮ ਸ਼ਾਮਲ ਹੋਣਗੇ, ਜੋ ਸਾਲ 2026 ਦੇ ਅਖੀਰ ਤੱਕ ਜਾਰੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਉਪਦੇਸ਼ਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਵਿਸ਼ਵ-ਵਿਆਪੀ ਭਾਈਚਾਰੇ, ਸਮਾਜਿਕ ਬਰਾਬਰੀ ਅਤੇ ਸਦਭਾਵਨਾ ‘ਤੇ ਆਧਾਰਿਤ ਬਰਾਬਰੀ ਵਾਲੇ ਸਮਾਜ ਨੂੰ ਉਤਸ਼ਾਹਿਤ ਕਰਨਾ ਹੈ। ਸੰਤ ਸਮਾਜ ਦੇ ਪ੍ਰਮੁੱਖ ਮੈਂਬਰਾਂ, ਜਿਨ੍ਹਾਂ ਵਿੱਚ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਭੈਣ ਸੰਤੋਸ਼ ਜੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸੰਤ ਸਤਵਿੰਦਰ ਹੀਰਾ ਜੀ ਸ਼ਾਮਲ ਸਨ, ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਮਾਗਮਾਂ ਵਿੱਚ ਆਪਣੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।