ਕਰਤਾਰਪੁਰ, (ਜਲੰਧਰ), 9 ਅਕਤੂਬਰ (ਪਰਮਿੰਦਰ ਸਿੰਘ ) : ਕਿਸਾਨਾਂ ਨੂੰ ਹਾੜ੍ਹੀ 2026-27 ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਖੇਤੀ ਮਸ਼ੀਨਰੀ ਨਾਲ ਫ਼ਸਲੀ ਰਹਿੰਦ-ਖੂਹੰਦ ਦਾ ਯੋਗ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਰਾਂ ਵੱਲੋਂ ਸਿਫਾਰਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਲਈ ਕਿਹਾ। ਅਸਟੇਟ ਅਫ਼ਸਰ, ਪੁੱਡਾ ਨਵਦੀਪ ਸਿੰਘ ਨੇ ਵੀ ਪਰਾਲੀ ਦੀ ਸੁਚੱਜੀ ਸੰਭਾਲ ‘ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਧਰਤੀ ਦੀ ਉੱਪਰਲੀ ਪਰਤ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਜ਼ਮੀਨ ਵਿੱਚ ਮੌਜੂਦ ਤੱਤ ਜਿਵੇਂ ਕਿ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼, ਸਲਫਰ ਅਤੇ ਜੈਵਿਕ ਮਾਦਾ ਅੱਗ ਨਾਲ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।
ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਜ. ਜਗਦੀਸ਼ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸੀ.ਆਰ.ਐਮ. ਸਕੀਮ ਅਧੀਨ ਸਾਲ 2026-27 ਦੌਰਾਨ ਵੱਖ-ਵੱਖ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਆਨਲਾਈਨ ਪੋਰਟਲ ‘ਤੇ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਸੀ। 930 ਮਸ਼ੀਨਾਂ ਦੀ ਸਬਸਿਡੀ 15.75 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ ਟਰਾਂਸਫਰ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਜ਼ਿਲ੍ਹੇ ਭਰ ਤੋਂ ਆਏ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵਿਭਾਗ ਨਾਲ ਲਗਾਤਾਰ ਰਾਬਤਾ ਰੱਖਣ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ-2026 ਦੌਰਾਨ ਮੱਕੀ ਹੇਠ 1350 ਹੈਕਟੇਅਰ ਰਕਬਾ ਝੋਨੇ ਹੇਠੋਂ ਲਿਆਂਦਾ ਗਿਆ ਹੈ ਅਤੇ ਇਨ੍ਹਾਂ ਕਿਸਾਨਾਂ ਨੂੰ 17,000 ਰੁਪਏ ਪ੍ਰਤੀ ਹੈਕਟੇਅਰ ਰਾਸ਼ੀ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੀ.ਐਸ.ਆਰ ਸਕੀਮ ਸਾਲ 2026-27 ਦੌਰਾਨ ਜ਼ਿਲ੍ਹੇ ਵਿੱਚ 1971.45 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ।ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਤੋਂ ਪਹੁੰਚੇ ਮਾਹਿਰਾਂ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ, ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਖੇਤੀ, ਬਾਗਬਾਨੀ, ਪਸ਼ੂ ਪਾਲਣ, ਜਲ ਤੇ ਭੂਮੀ ਸੰਭਾਲ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕੈਂਪ ਦੌਰਾਨ ਕਿਸਾਨਾਂ ਵੱਲੋਂ ਆਪਣੀਆਂ ਉਪਜਾਂ ਦੇ ਸਟਾਲ ਵੀ ਲਗਾਏ ਗਏ। ਇਸ ਤੋਂ ਇਲਾਵਾ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਮੁੱਖ ਮਹਿਮਾਨਾਂ ਤੇ ਹੋਰਨਾਂ ਮਹਿਮਾਨਾਂ ਵੱਲੋਂ ਖੇਤੀਬਾੜੀ ਵਿਭਾਗ ਤੇ ਸਹਿਯੋਗੀ ਵਿਭਾਗਾਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰਿੰਦਰ ਕਲਸੀ, ਡਿਪਟੀ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਡਾ. ਸੰਜੀਵ ਕਟਾਰੀਆ, ਪ੍ਰਾਜੈਕਟ ਅਫਸਰ (ਗੰਨਾ) ਡਾ. ਰੁਲਦੂ ਸਿੰਘ, ਏ.ਪੀ.ਪੀ.ਓ. ਡਾ. ਸੁਰਜੀਤ ਸਿੰਘ, ਖੇਤੀਬਾੜੀ ਅਫ਼ਸਰ (ਸਦਰ ਮੁਕਾਮ) ਡਾ. ਜਸਬੀਰ ਸਿੰਘ ਨੇ ਵੀ ਕਿਸਾਨਾਂ ਨੂੰ ਖੇਤੀ ਸਬੰਧੀ ਯੋਗ ਸੁਝਾਅ ਦਿੱਤੇ।