ਲੁਧਿਆਣਾ29 ਅਕਤੂਬਰ(ਅਮਿਤ ਬਾਂਸਲ): ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਜਤਿੰਦਰ ਗੋਰੀਆਂ ਨੂੰ ਭਾਜਪਾ ਐਸ.ਸੀ. ਮੋਰਚਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਜਤਿੰਦਰ ਗੋਰੀਆਂ ਨੇ ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਸ਼੍ਰੀ ਸ਼ੀਤਲ ਅੰਗੁਰਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਜਤਿੰਦਰ ਗੋਰੀਆਂ ਨੇ ਸ਼੍ਰੀ ਸ਼ੀਤਲ ਅੰਗੁਰਾਲ ਵੱਲੋਂ ਦਿੱਤੇ ਗਏ ਮਾਰਗਦਰਸ਼ਨ, ਹੌਸਲਾ ਅਫ਼ਜ਼ਾਈ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਭਰੋਸਾ ਦਿਖਾਉਂਦੇ ਹੋਏ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
ਜਤਿੰਦਰ ਗੋਰੀਆਂ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ, ਵਰਕਰਾਂ ਨਾਲ ਤਾਲਮੇਲ ਵਧਾਉਣਾ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਗਠਨ ਦੀ ਮਜ਼ਬੂਤੀ ਲਈ ਵਰਕਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਐਸ.ਸੀ. ਮੋਰਚੇ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ, ਨਵੇਂ ਵਰਕਰਾਂ ਨੂੰ ਸੰਗਠਨ ਨਾਲ ਜੋੜਨ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਣ ਲਈ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਸੀਨੀਅਰ ਆਗੂਆਂ ਦੇ ਮਾਰਗਦਰਸ਼ਨ ਹੇਠ ਪਾਰਟੀ ਦੇ ਸੰਗਠਨਾਤਮਕ ਕੰਮਾਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ।
ਜਤਿੰਦਰ ਗੋਰੀਆਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਇੱਕ ਸੇਵਾ ਵਜੋਂ ਨਿਭਾਉਣਗੇ ਅਤੇ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਨੇ ਸੰਗਠਨ ਦੀ ਮਜ਼ਬੂਤੀ ਅਤੇ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਦੇ ਕੰਮਾਂ ਨੂੰ ਅੱਗੇ ਵਧਾਉਣ ਦਾ ਸੰਕਲਪ ਵੀ ਪ੍ਰਗਟ ਕੀਤਾ।
