ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਜ਼ਿਲਾ ਹਸਪਤਾਲ ਵੱਲੋਂ 24 ਘੰਟੇ ਦਿੱਤੀਆਂ ਜਾ ਰਹੀਆਂ ਐਮਰਜੈਂਸੀ ਸਿਹਤ ਸਭਾਵਾਂ ਦੀ ਦੇਰ ਰਾਤ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਐਮਰਜੈਂਸੀ ਵਿੱਚ ਡਿਊਟੀ ਕਰਨ ਵਾਲੇ ਸਟਾਫ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਸਟਾਫ ਡਿਊਟੀ ‘ਤੇ ਹਾਜਰ ਸੀ। ਉਨ੍ਹਾਂ ਰਾਤ ਦੀ ਡਿਊਟੀ ਤੇ ਤੈਨਾਤ ਐਮਰਜੈਂਸੀ ਮੈਡੀਕਲ ਅਫਸਰ ਨੂੰ ਕਿਹਾ ਕਿ ਐਮਰਜੈਂਸੀ ਵਿੱਚ ਆਪਾਤਕਾਲੀਨ ਸੇਵਾਵਾਂ ਲਈ ਦਵਾਈਆਂ ਦੀ ਕੋਈ ਘਾਟ ਨਹੀਂ ਹੋਣੀ ਚਾਹੀਦੀ ਅਤੇ ਇਹ ਸੇਵਾਵਾਂ ਹੋਰ ਚੁਸਤ ਦਰੁਸਤ ਕੀਤੀਆਂ ਜਾਣ। ਉਨ੍ਹਾਂ ਮੌਕੇ ‘ਤੇ ਹਾਜ਼ਰ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਐਮਰਜੈਂਸੀ ਵਿੱਚ ਲੱਗੇ ਸਾਰੇ ਉਪਕਰਣ ਵਰਕਿੰਗ ਕੰਡੀਸ਼ਨ ਵਿੱਚ, ਉਚਿਤ ਮਾਤਰਾ ਵਿੱਚ ਦਵਾਈਆਂ, ਉਚਿਤ ਮਾਤਰਾ ਵਿੱਚ ਖੂਨ ਦਾ ਪ੍ਰਬੰਧ ਅਤੇ ਸਹੀ ਮੈਨ ਪਾਵਰ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਮਰਜੈਂਸੀ ਦੌਰਾਨ ਪਹਿਲੇ 24 ਘੰਟੇ ਸੇਵਾਵਾਂ ਬਿਲਕੁਲ ਮੁਫਤ ਦਿੱਤੀਆਂ ਜਾਂਦੀਆਂ ਹਨ। ਸਰਕਾਰ ਵੱਲੋਂ ਨਵੀਆਂ ਗਾਈਡਲਾਈਨਾਂ ਅਨੁਸਾਰ ਫਰਿਸ਼ਤੇ ਸਕੀਮ ਨੂੰ ਇਨ ਬਿਨ ਲਾਗੂ ਕੀਤਾ ਜਾਵੇ ਤੇ ਹਰ ਫਰਿਸ਼ਤੇ ਦਾ ਰਿਕਾਰਡ ਪੂਰਨ ਤੌਰ ਤੇ ਰੱਖਿਆ ਜਾਵੇ ਅਤੇ ਹਦਾਇਤਾਂ ਅਨੁਸਾਰ ਉਸ ਨੂੰ ਬਣਦਾ ਲਾਭ ਦਵਾਇਆ ਜਾਵੇ ਅਤੇ ਉਸ ਨੂੰ ਸਨਮਾਨਿਤ ਵੀ ਕੀਤਾ ਜਾਵੇ। ਉਨ੍ਹਾਂ ਐਮਰਜੈਂਸੀ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਐਮਰਜੈਂਸੀ ਵਿੱਚ ਆਏ ਮਰੀਜ਼ਾਂ ਦਾ ਪੂਰਾ ਖਿਆਲ ਰੱਖਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ। ਇਸ ਮੌਕੇ ਤੇ ਉਹਨਾਂ ਐਮਰਜੈਂਸੀ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲ-ਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਡਾ ਗੁਰਿੰਦਰਜੀਤ ਸਿੰਘ ਅਤੇ ਫਾਰਮੇਸੀ ਅਫਸਰ ਸੰਦੀਪ ਸਿੰਘ ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਐਮਰਜੈਂਸੀ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ।*