ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਰੱਖੜੀ ਦੇ ਤਿਉਹਾਰ ਦੇ ਮੌਕੇ ’ਤੇ ਅੱਜ ਕਰੀਬ 1300 ਸਤਿਕਾਰ ਸਖੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼੍ਰੀ ਵਿਨੀਤ ਧੀਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਇਥੇ ਬਸਤੀ ਪੀਰ ਦਾਦ ਰੋਡ ’ਤੇ ਮਨਾਏ ਗਏ ਰੱਖੜੀ ਦਾ ਮਹਾਉਤਸਵ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਤਿਕਾਰ ਸਖੀਆਂ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਹਿਲਾਵਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਤਿਕਾਰ ਸਖੀਆਂ ਦੀ ਮਿਹਨਤ ਸਦਕਾ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਸ਼ੁਰੂ ਹੋ ਗਈ ਹੈ। ਸ਼੍ਰੀ ਭਗਤ ਨੇ ਕਿਹਾ ਕਿ ਸਤਿਕਾਰ ਸਖੀਆਂ ਦੀ ਬਦੌਲਤ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ 52 ਹਜ਼ਾਰ ਮਹਿਲਾਵਾਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰ ਕੀਤਾ ਗਿਆ, ਜੋ ਅੱਜ ਸਨਮਾਨ ਰਾਸ਼ੀ ਪ੍ਰਾਪਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ, ਸਤਿਕਾਰ ਅਤੇ ਭਲਾਈ ਲਈ ਦ੍ਰਿੜ ਵਚਨਬੱਧ ਹੈ ਅਤੇ ਔਰਤਾਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਇਸ ਮੌਕੇ ਮਹਿਲਾਵਾਂ ਨੂੰ ਰੱਖੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਤੋਂ ਰੱਖੜੀ ਬੰਨ੍ਹਵਾਈ ਅਤੇ ਤੋਹਫੇ ਵੀ ਭੇਟ ਕੀਤੇ।