ਗਿਆਨੀ ਦਿੱਤ ਸਿੰਘ ਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਫਤਿਹਗੜ੍ਹ ਸਾਹਿਬ(ਅਜੇ ਕੁਮਾਰ ਅਮਲੋਹ)
ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਸੀਨੀਅਰ ਆਗੂ ਪਵਿੱਤਰ ਸਿੰਘ ਖਾਲਸਾ ਵੱਲੋਂ ਚੁੰਨੀ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਵਿਦਵਾਨ, ਪੰਥ ਰਤਨ ਅਤੇ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜਥਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ। ਇਸ ਦੌਰਾਨ ਸੰਗਤਾਂ ਵੱਲੋਂ ਗਿਆਨੀ ਦਿੱਤ ਸਿੰਘ ਅਤੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਸਿੱਖ ਪੰਥ ਅਤੇ ਸਮੁੱਚੀ ਮਨੁੱਖਤਾ ਲਈ ਕੀਤੇ ਮਹਾਨ ਕਾਰਜਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਸਮੇਤ ਪਾਰਟੀ ਆਗੂਆਂ ਨੇ ਵੀ ਸਿਰਕਤ ਕੀਤੀ। ਸ੍ਰੀ ਪਵਿੱਤਰ ਸਿੰਘ ਖਾਲਸਾ ਨੇ ਕਿਹਾ ਕਿ ਸ਼ਹੀਦਾਂ ਅਤੇ ਪੰਥ ਦੀ ਸੇਵਾ ਕਰਨ ਵਾਲੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਗਿਆਨੀ ਦਿੱਤ ਸਿੰਘ ਅਤੇ ਭਾਈ ਜਸਵੰਤ ਸਿੰਘ ਖਾਲੜਾ ਦਾ ਜੀਵਨ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਸ੍ਰੀ ਲਿਬੜਾ ਨੇ ਕਿਹਾ ਕਿ ਪਵਿੱਤਰ ਸਿੰਘ ਖਾਲਸਾ ਵੱਲੋਂ ਬਿਨਾਂ ਕਿਸੇ ਨਿੱਜੀ ਸਵਾਰਥ ਦੇ ਪਾਰਟੀ ਦੀ ਚੜ੍ਹਦੀ ਕਲਾ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਰਪਿਤ ਆਗੂਆਂ ਦੀ ਮਿਹਨਤ ਅਤੇ ਸੇਵਾ ਨੂੰ ਪਾਰਟੀ ਵੱਲੋਂ ਬਣਦਾ ਮਾਣ-ਸਤਿਕਾਰ ਜ਼ਰੂਰ ਦਿੱਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਆਪਣੇ ਵਡਮੁੱਲੇ ਵਿਰਸੇ ਅਤੇ ਇਤਿਹਾਸ ਨਾਲ ਜੁੜਨ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਦੇ ਮਾਰਗ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਜਨਰਲ ਸਕੱਤਰ ਗੁਰਸੇਵਕ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਗੜੋਲੀਆਂ, ਕਰੋੜਾ ਸਿੰਘ, ਸੁਖਬੀਰ ਸਿੰਘ ਚੁੰਨੀ, ਅਵਤਾਰ ਸਿੰਘ ਉੱਚਾ ਪਿੰਡ, ਜਸਵੀਰ ਸਿੰਘ ਮਨੈਲੀ, ਜਗਤਾਰ ਸਿੰਘ ਖਮਾਣੋ, ਸਤਵੀਰ ਸਿੰਘ ਘੋਗਾ ਅਤੇ ਡਾ. ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਸਮਾਗਮ ਵਿਚ ਸਾਮਲ ਅਮਰਇੰਦਰ ਸਿੰਘ ਲਿਬੜਾ ਅਤੇ ਹੋਰ।-