
ਭਾਦਸੋਂ, 9 ਸਤੰਬਰ (ਜਗਜੀਤ ਸਿੰਘ ਕੈਂਥ) — ਜਨਰਲ ਕੈਟਾਗਰੀ ਫੈਡਰੇਸ਼ਨ ਰਜਿਸਟਰ ਪੰਜਾਬ ਦੇ ਨੁਮਾਇੰਦਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸਕੱਤਰ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੰਜਾਬ ਰਾਜ ਆਮ ਵਰਗ ਕਮਿਸ਼ਨ ਦੇ ਚੇਅਰਮੈਨ, ਉਪ-ਚੇਅਰਮੈਨ ਅਤੇ ਮੈਂਬਰਾਂ ਸਮੇਤ ਦਫ਼ਤਰੀ ਸਟਾਫ ਦੀਆਂ ਨਿਯੁਕਤੀਆਂ ਤੁਰੰਤ ਕਰਨ ਦੀ ਮੰਗ ਨੂੰ ਲੈ ਕੇ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਰਾਜ ਆਮ ਵਰਗ ਕਮਿਸ਼ਨ ਦਾ ਗਠਨ ਦਸੰਬਰ 2021 ਵਿੱਚ ਕੀਤਾ ਗਿਆ ਸੀ ਅਤੇ ਡਾ. ਨਵਜੋਤ ਦਹੀਆ ਨੂੰ ਇਸ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿੱਚ ਡਾ. ਦਹੀਆ ਵੱਲੋਂ ਨਕੋਦਰ ਤੋਂ ਵਿਧਾਨ ਸਭਾ ਚੋਣ ਲੜਨ ਕਾਰਨ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ੇ ਨੂੰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਆਮ ਵਰਗ ਕਮਿਸ਼ਨ ਦੇ ਚੇਅਰਮੈਨ, ਉਪ-ਚੇਅਰਮੈਨ ਅਤੇ ਮੈਂਬਰਾਂ ਦੀਆਂ ਨਿਯੁਕਤੀਆਂ ਨਹੀਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕਮਿਸ਼ਨ ਲਈ ਲੋੜੀਂਦੇ ਦਫ਼ਤਰੀ ਕਰਮਚਾਰੀਆਂ ਦੀ ਨਿਯੁਕਤੀ ਨਾ ਹੋਣ ਕਾਰਨ ਇਸ ਦਾ ਦਫ਼ਤਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਹੀਂ ਕਰ ਸਕਿਆ।
ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਈ ਹੋਰ ਸਬੰਧਤ ਕਮਿਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ ਜਾ ਚੁੱਕੇ ਹਨ, ਪਰ ਆਮ ਵਰਗ ਕਮਿਸ਼ਨ ਵੱਲ ਕਥਿਤ ਤੌਰ ’ਤੇ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਆਮ ਵਰਗ ਦੇ ਲੋਕਾਂ ਵਿੱਚ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਮ ਵਰਗ ਦੇ ਲੋਕਾਂ ਨੂੰ ਆਪਣੇ ਹੱਕਾਂ, ਮਸਲਿਆਂ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਇੱਕ ਸਰਗਰਮ ਅਤੇ ਪ੍ਰਭਾਵਸ਼ਾਲੀ ਕਮਿਸ਼ਨ ਦੀ ਲੋੜ ਹੈ। ਜੇਕਰ ਕਮਿਸ਼ਨ ਪੂਰੀ ਤਰ੍ਹਾਂ ਕਾਰਜਸ਼ੀਲ ਹੋਵੇ ਤਾਂ ਆਮ ਵਰਗ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ’ਤੇ ਉਠਾ ਕੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾ ਸਕਦੀ ਹੈ।
ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਸਾਹਮਣੇ ਮੰਗ ਰੱਖੀ ਕਿ ਪੰਜਾਬ ਰਾਜ ਆਮ ਵਰਗ ਕਮਿਸ਼ਨ ਦੇ ਚੇਅਰਮੈਨ, ਉਪ-ਚੇਅਰਮੈਨ, ਮੈਂਬਰਾਂ ਅਤੇ ਦਫ਼ਤਰੀ ਸਟਾਫ ਦੀਆਂ ਨਿਯੁਕਤੀਆਂ ਬਿਨਾਂ ਕਿਸੇ ਹੋਰ ਦੇਰੀ ਦੇ ਕੀਤੀਆਂ ਜਾਣ, ਤਾਂ ਜੋ ਕਮਿਸ਼ਨ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਕੇ ਆਮ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਿੱਧੂ, ਮੁਸਲਿਮ ਕਮੇਟੀ ਦੇ ਪ੍ਰਧਾਨ ਨਾਜਰ ਖਾਂ, ਹਰਿੰਦਰ ਸਿੰਘ ਸੋਹੀ, ਸਤਿਨਾਮ ਪਾਲੀਆ, ਰਜੀਵ ਸ਼ਰਮਾ ਸਮੇਤ ਫੈਡਰੇਸ਼ਨ ਦੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ।