ਜਲੰਧਰ, 20 ਸਤੰਬਰ (ਪਰਮਿੰਦਰ ਸਿੰਘ ) : ਪੰਜਾਬ ਦੇ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੀ ਯਾਦ ਵਿੱਚ ਐਮ.ਐਸ.ਫਾਰਮ ਬਸਤੀ ਪੀਰਦਾਦ ਵਿਖੇ ਰੱਖੀ ਗਈ ਸਰਧਾਂਜ਼ਲੀ ਸਭਾ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੇ ਆਪਣੇ ਹਰਮਨ ਪਿਆਰੇ ਆਗੂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ, ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ.ਗੁਰਪ੍ਰੀਤ ਕੌਰ ਮਾਨ, ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਡਾ.ਰਵਜੋਤ ਸਿੰਘ, ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੇਰੀ ਕਲਸੀ, ਵਿਧਾਇਕ ਬਲਕਾਰ ਸਿੰਘ ਤੇ ਬ੍ਰਹਮ ਸ਼ੰਕਰ ਜਿੰਪਾ, ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐਸ.ਐਸ.ਪੀ.ਹਰਵਿੰਦਰ ਸਿੰਘ ਵਿਰਕ ਤੇ ਹੋਰ ਉੱਘੀਆਂ ਸ਼ਖਸੀਅਤਾਂ, ਆਗੂਆਂ ਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਸਵ. ਚੁਨੀ ਲਾਲ ਭਗਤ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮੁਨੀਸ਼ ਸਿਸੋਦੀਆ ਅਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੀ ਰਾਜਨੀਤੀ ਦੀ ਇਕ ਮਹਾਨ ਤੇ ਵਿਲੱਖਣ ਸਖਸ਼ੀਅਤ ਕਰਾਰ ਦਿੱਤਾ, ਜਿਨ੍ਹਾਂ ਨੇ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਮਾਣ-ਸਨਮਾਨ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਭਗਤ ਪਰਿਵਾਰ ਨੂੰ ਪਰਿਵਾਰ ਦੇ ਮੁਖੀ ਦੇ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ ਦੀ ਅਰਦਾਸ ਕੀਤੀ।
ਸਵ. ਚੁਨੀ ਲਾਲ ਭਗਤ ਦੇ ਜੀਵਨ ਸਫ਼ਰ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਵਿੱਚ ਆ ਕੇ ਵੱਸ ਗਏ, ਜਿਥੇ ਪਰਿਵਾਰ ਨੇ ਖੇਡਾਂ ਦੇ ਸਮਾਨ ਨੂੰ ਨਿਰਯਾਤ ਕਰਨ ਦਾ ਕਾਰੋਬਾਰ ਸਥਾਪਿਤ ਕੀਤਾ ਅਤੇ ਇਸ ਖੇਤਰ ਵਿੱਚ ਨਾਮਣਾ ਖੱਟਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਹ ਸੂਬੇ ਦੀ ਸਰਗਰਮ ਰਾਜਨੀਤੀ ਵਿੱਚ ਸ਼ਾਮਿਲ ਹੋਏ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ, ਇਸ ਤੋਂ ਬਾਅਦ ਕੈਬਨਿਟ ਮੰਤਰੀ ਵਜੋਂ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ। ਉਨ੍ਹਾਂ ਕਿਹਾ ਕਿ ਸਰਧਾਂਜਲੀ ਸਭਾ ਵਿੱਚ ਲੋਕਾਂ ਦਾ ਭਾਰੀ ਇਕੱਠ ਭਗਤ ਪਰਿਵਾਰ ਵਲੋਂ ਕਮਾਈ ਅਸਲ ਦੌਲਤ ਹੈ, ਜੋ ਚੁਨੀ ਲਾਲ ਭਗਤ ਦੀ ਲੋਕਾਂ ਨਾਲ ਡੂੰਘੀ ਸਾਂਝ ਦਾ ਪ੍ਰਤੀਕ ਹੈ।
ਜ਼ਿਕਰਯੋਗ ਹੈ ਕਿ ਚੁਨੀ ਲਾਲ ਭਗਤ ਦਾ ਲੰਬੀ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਨੂੰ ਜਲੰਧਰ ਅਤੇ ਦੋਆਬਾ ਖੇਤਰ ਦੇ ਲੋਕਾਂ ਦੀ ਸੇਵਾ ਪ੍ਰਤੀ ਵਚਨਬੱਧਤਾ ਲਈ ਯਾਦ ਕੀਤਾ ਜਾਵੇਗਾ। ਉਹ ਕਈ ਵਾਰ ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ ਬਣੇ ਅਤੇ ਕੈਬਨਿਟ ਮੰਤਰੀ ਵਜੋਂ ਕਈ ਅਹਿਮ ਵਿਭਾਗਾਂ ਜਿਵੇਂ ਕਿ ਸਥਾਨਕ ਸਰਕਾਰਾਂ, ਡਾਕਟਰੀ ਸਿੱਖਿਆ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਆਦਿ ਦੀ ਜ਼ਿੰਮੇਵਾਰੀ ਸੰਭਾਲੀ। ਉਨ੍ਹਾਂ ਕਿਹਾ ਕਿ ਸਵ. ਚੁਨੀ ਲਾਲ ਭਗਤ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕਾਂ ਦੀ ਸੇਵਾ ਪ੍ਰਤੀ ਸਮਰਪਿਤ ਹੋਣ ਲਈ ਵੀ ਹਮੇਸ਼ਾ ਯਾਦ ਕੀਤਾ ਜਾਵੇਗਾ।
ਬੁਲਾਰਿਆਂ ਵਲੋਂ ਉਨ੍ਹਾਂ ਦੀ ਲੋਕਾਂ ਤੱਕ ਪਹੁੰਚ ਅਤੇ ਕਾਰਜ ਪ੍ਰਣਾਲੀ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਦੇ ਦਰਵਾਜੇ ਲੋਕਾਂ ਲਈ ਹਮੇਸ਼ਾ ਖੁੱਲੇ ਰਹਿੰਦੇ ਸਨ। ਉਨ੍ਹਾਂ ਦੇ ਸਪੁੱਤਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਪਰਿਵਾਰ ਦੀ ਲੋਕ ਸੇਵਾ ਦੀ ਵਿਰਾਸਤ ਨੂੰ ਅੱਗੇ ਜਾਰੀ ਰੱਖਿਆ ਜਾ ਰਿਹਾ ਹੈ। ਕੈਬਨਿਟ ਮੰਤਰੀਆਂ ਨੇ ਇਹ ਵੀ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਇਸ ਦੁੱਖ ਦੀ ਘੜੀ ਵਿੱਚ ਮੋਹਿੰਦਰ ਭਗਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਚੇਅਰਮੇਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਕੀਮਤੀ ਭਗਤ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬੱਸੀ, ਚੇਅਰਮੈਨ ਜਲੰਧਰ ਇੰਪਰੂਵਮੈਂਟ ਟਰੱਸਟ ਰਮਨੀਕ ਸਿੰਘ ਰੰਧਾਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਮੁਸਲਿਮ ਭਲਾਈ ਬੋਰਡ ਅਬਦੁੱਲ ਬਾਹਰੀ ਸਲਮਾਨੀ, ਡਿਪਟੀ ਮੇਅਰ ਮਲਕੀਤ ਸਿੰਘ, ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸੰਤ ਸਮਾਜ ਦੇ ਪ੍ਰਤੀਨਿਧੀਆਂ ਵਲੋਂ ਸਰਧਾਂਜ਼ਲੀ ਸਭਾ ਵਿੱਚ ਸ਼ਿਰਕਤ ਕੀਤੀ ਗਈ।