ਕਰਤਾਰਪੁਰ (ਜਲੰਧਰ), 22 ਸਤੰਬਰ ( ਪਰਮਿੰਦਰ ਸਿੰਘ ) : ਹਲਕਾ ਵਿਧਾਇਕ ਬਲਕਾਰ ਸਿੰਘ ਵੱਲੋਂ ਅੱਜ ‘ਮਾਨ ਦੇ ਮੁਨਾਫ਼ੇ’ ਜਨ-ਸੰਪਰਕ ਮੁਹਿੰਮ ਤਹਿਤ ਪਿੰਡ ਬਸ਼ੇਸ਼ਰਪੁਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਦਿੱਤੇ ਜਾ ਰਹੇ ਲਾਭਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਲਾਭ ਸੂਬੇ ਦੇ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮੰਤਵ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਤੇ ਵਿਕਾਸ ਲਈ ਚੁੱਕੇ ਗਏ ਕਦਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰੱਖੀ ਗਈ ਹੈ, ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ, ਆਧੁਨਿਕ ਸਹੂਲਤਾਂ ਅਤੇ ਸਿੱਖਿਆ ਦਾ ਮਾਹੌਲ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਮੋਹਰੀ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਲੋਕ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਤੱਕ ਲਾਭ ਦੇਣ ਵਿੱਚ ਸਫ਼ਲ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਮਹਿਲਾਵਾਂ ਨੂੰ ਆਰਥਿਕ ਪਖੋਂ ਸਸ਼ਕਤ ਬਣਾਉਣ ਲਈ ‘ਮਾਵਾਂ ਧੀਆਂ ਸਤਿਕਾਰ’ ਯੋਜਨਾ ਸ਼ੁਰੂ ਕੀਤੀ ਗਈ ਹੈ। ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ, 71 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦਾ ਮਜ਼ਬੂਤੀਕਰਨ, ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਮੇਤ ਅਨੇਕਾਂ ਅਜਿਹੇ ਉਪਰਾਲੇ ਕੀਤੇ ਗਏ ਹਨ, ਜੋ ਸਰਕਾਰ ਦੀ ਸੂਬੇ ਦੇ ਵਿਕਾਸ ਅਤੇ ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕ ਬਲਕਾਰ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ।