ਖੰਨਾ, (ਅਮਿਤ ਬਾਂਸਲ): ਭਾਰਤੀ ਜਨਤਾ ਪਾਰਟੀ ਦੇ ਯੂਥ ਆਗੂ ਚਿਰਾਂਸ਼ੂ ਰਤਨ ਨੇ ਖੰਨਾ ਦੀ ਅਨਾਜ ਮੰਡੀ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਅਨਾਜ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਪਖਾਨਿਆਂ ਅਤੇ ਰਾਤ ਸਮੇਂ ਠਹਿਰਨ ਵਰਗੀਆਂ ਮੁੱਢਲੀਆਂ ਸਹੂਲਤਾਂ ਦਾ ਪ੍ਰਬੰਧ ਨਾ ਹੋਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ।
ਅਨਾਜ ਮੰਡੀ ਵਿੱਚ ਗੱਲਬਾਤ ਕਰਦਿਆਂ ਚਿਰਾਂਸ਼ੂ ਰਤਨ ਨੇ ਕਿਹਾ ਕਿ ਮੰਡੀ ਵਿੱਚ ਦਿਨ-ਰਾਤ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਲੋੜੀਂਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਖੇਤੀਬਾੜੀ, ਮੰਡੀਆਂ ਅਤੇ ਆਮ ਲੋਕਾਂ ਨਾਲ ਜੁੜੇ ਬੁਨਿਆਦੀ ਮਸਲਿਆਂ ਦੇ ਹੱਲ ਲਈ ਸਰਕਾਰ ਪ੍ਰਭਾਵਸ਼ਾਲੀ ਕਦਮ ਚੁੱਕਣ ਵਿੱਚ ਅਸਫਲ ਰਹੀ ਹੈ।
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਸਰਕਾਰ ਨੂੰ ਘੇਰਿਆ
ਚਿਰਾਂਸ਼ੂ ਰਤਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਸਰਗਰਮ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਇਸ ਕਤਲ ਨੇ ਸੂਬੇ ਦੀ ਸੁਰੱਖਿਆ ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਪੀੜਤ ਪਰਿਵਾਰ ਅਤੇ ਇਲਾਕੇ ਦੇ ਲੋਕ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਅਨੁਸਾਰ ਭਾਜਪਾ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਮਾਨਸਾ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਤੈਅ ਹੋਇਆ ਹੈ।
ਚਿਰਾਂਸ਼ੂ ਰਤਨ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੀੜਤ ਪਰਿਵਾਰ ਦੇ ਨਾਲ ਖੜ੍ਹਨ ਅਤੇ ਇਨਸਾਫ਼ ਦੀ ਲੜਾਈ ਵਿੱਚ ਸਹਿਯੋਗ ਦੇਣ।
ਅਕਾਲ ਤਖ਼ਤ ਸਾਹਿਬ ਬਾਰੇ ਟਿੱਪਣੀਆਂ ’ਤੇ ਵੀ ਚੁੱਕੇ ਸਵਾਲ
ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਚਿਰਾਂਸ਼ੂ ਰਤਨ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਪ੍ਰਤੀ ਸਤਿਕਾਰ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਇਸ ਮਾਮਲੇ ’ਤੇ ਆਪਣਾ ਪੱਖ ਸਪੱਸ਼ਟ ਕਰੇ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਪੀੜਤ ਪਰਿਵਾਰ ਦੀ ਹਮਾਇਤ ਕਰਨ।
ਚਿਰਾਂਸ਼ੂ ਰਤਨ ਨੇ ਕਿਹਾ ਪੰਜਾਬ ਨੂੰ ਡਬਲ ਇੰਜਣ ਵਾਲੀ ਸਰਕਾਰ ਹੀ ਤਰੱਕੀ ਵੱਲ ਲਿਜਾ ਸਕਦੀ ਹੈ, ਓਹਨਾਂ ਨੇ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਕੇ 2027 ਚ ਸੱਤਾ ਚ ਲਿਉਣ ਦੀ ਅਪੀਲ ਕੀਤੀ।
ਇਸ ਮੌਕੇ ਮੰਡਲ ਪ੍ਰਧਾਨ ਬਿੰਨੀ ਮਲਹੋਤਰਾ ਨੇ ਕਿਹਾ ਕਿ ਭਾਜਪਾ ਅਖੰਡ ਭਾਰਤ ਦੇ ਸੁਪਨੇ ਨੂੰ ਸਕਾਰ ਕਰ ਸਕਦੀ ਹੈ ਅਤੇ ਪੂਰੇ ਦੇਸ਼ ਵਾਸੀਆਂ ਨੂੰ ਇੱਕ ਲੜੀ ਚ ਪਰੋਣ ਦੀ ਸਮਰੱਥਾ ਰੱਖਦੀ ਹੈ। ਇਸ ਸਮੇਂ ਅਮਿਤ ਰਤਨ, ਮੰਡਲ ਜਨਰਲ ਸਕੱਤਰ ਗੁਰਜੀਤ ਰਤਨ, ਬਿੰਨੀ ਮਲਹੋਤਰਾ, ਰੋਹਿਤ, ਮਨਸਵੀ, ਤੇਜਸਵੀ, ਪਰਮ, ਵਿੱਕੀ, ਸੰਜੇ, ਸੁਧੀਰ ਭਾਟੀਆ, ਰਾਜਿੰਦਰ ਕੁਮਾਰ ਰਾਜੂ, ਅੰਸ਼ ਗੁਪਤਾ ਅਤੇ ਰੋਹਿਤ ਲੂੰਬਾ ਸਮੇਤ ਹੋਰ ਭਾਜਪਾ ਆਗੂ ਹਾਜ਼ਰ ਸਨ। 











Leave a Reply