ਜਲੰਧਰ, 10 ਨਵੰਬਰ ((ਪਰਮਿੰਦਰ ਸਿੰਘ)): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਖਾਸ ਕਰ ਜ਼ਿਲ੍ਹੇ ਦੇ ਡਰੱਗ ਹਾਟਸਪਾਟ ਖੇਤਰਾਂ ਵਿੱਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ।
ਐਸ.ਡੀ.ਐਮ. ਆਦਮਪੁਰ ਲਾਲ ਵਿਸ਼ਵਾਸ ਬੈਂਸ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਬਚਾਉਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਬ ਡਵੀਜ਼ਨ ਦੇ ਡਰੱਗ ਹਾਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਖੇਡ ਸਮੱਗਰੀ ਦੀ ਵੰਡ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਮੰਤਵ ਨਾਲ ਸਕੂਲ ਆਫ਼ ਐਮੀਨੈਂਸ, ਆਦਮਪੁਰ ਦਾ ਖੇਡ ਮੈਦਾਨ ਉਨ੍ਹਾਂ ਨੌਜਵਾਨਾਂ ਲਈ ਖੋਲ੍ਹ ਦਿੱਤਾ ਗਿਆ ਹੈ, ਜੋ ਨਸ਼ੇ ਛੱਡ ਕੇ ਸਰੀਰਿਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨਾਲ ਜੁੜਨਾ ਚਾਹੁੰਦੇ ਹਨ।
ਉਨ੍ਹਾਂ ਦੱਸਿਆ ਕਿ ਆਦਮਪੁਰ ਦੇ ਡਰੱਗ ਹਾਟਸਪਾਟ ਇਲਾਕਿਆਂ ਵਿੱਚ ਪਬਲਿਕ ਲਾਈਟਿੰਗ ਸਬੰਧੀ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਗਿਆ ਹੈ, ਤਾਂ ਜੋ ਉਨ੍ਹਾਂ ਹਨੇਰੇ ਇਲਾਕਿਆਂ ਨੂੰ ਰੌਸ਼ਨ ਕੀਤਾ ਜਾ ਸਕੇ, ਜਿਥੇ ਨਸ਼ਿਆਂ ਦੀ ਦੁਰਵਰਤੋਂ ਦੀ ਸੰਭਾਵਨਾ ਹੋ ਸਕਦੀ ਹੈ। ਇਸ ਤੋਂ ਇਲਾਵਾ ਰੋਜ਼ਗਾਰ ਉਤਪਤੀ ਅਤੇ ਹੁਨਰ ਸਿਖ਼ਲਾਈ ਵਿਭਾਗ ਨਾਲ ਵੀ ਤਾਲਮੇਲ ਕੀਤਾ ਗਿਆ ਹੈ, ਤਾਂ ਜੋ ਨਸ਼ਿਆਂ ਦੀ ਲੱਤ ਛੱਡਣ ਦੇ ਇੱਛੁਕ ਨੌਜਵਾਨਾਂ ਨੂੰ ਹੁਨਰ ਵਿਕਾਸ ਸਿਖ਼ਲਾਈ ਦੇ ਕੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਿਆ ਜਾ ਸਕੇ।
ਐਸ.ਡੀ.ਐਮ. ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਨਾਲ ਜੋੜ ਕੇ ਹੀ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ, ਮਾਪਿਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰਨ।
