ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ: ਵਿਧਾਇਕ ਰਜਨੀਸ਼ ਦਹੀਯਾ

ਵਿਧਾਇਕ ਨੇ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 26 ਅਕਤੂਬਰ 2024 : ਫਿਰੋਜ਼ਪੁਰ ਹਲਕਾ ਦਿਹਾਤੀ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਸਿੱਖਿਆ ਅਧਿਕਾਰੀਆਂ ਨਾਲ ਹਲਕੇ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਸਿੱਖਿਆ ਖੇਤਰ ‘ਚ ਗੁਣਾਤਮਕ ਸੁਧਾਰ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਸਰਹੱਦੀ ਖੇਤਰ ਦੇ ਲੋੜਵੰਦ ਸਕੂਲਾਂ ਨੂੰ ਅਪਗ੍ਰੇਡ ਕਰਨ ਸਬੰਧੀ , ਸਕੂਲਾਂ ਵਿੱਚ ਚੱਲ ਰਹੇ ਉਸਾਰੀ ਦੇ ਕੰਮਾਂ, ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਲਾਈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚੱਲ ਰਹੀਆਂ ਵੱਖ-ਵੱਖ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਉਨ੍ਹਾਂ ਸਿੱਖਿਆ ਅਧਿਕਾਰੀਆਂ ਨਾਲ ਹਲਕੇ ਦੇ ਸਕੂਲਾਂ ਦੀਆਂ ਭਵਿੱਖੀ ਯੋਜਨਾਵਾਂ ਉਪਰ ਚਰਚਾ ਕੀਤੀ ਤੇ ਆਪਣੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਹਲਕੇ ਦੇ ਕਿਸੇ ਵੀ ਸਕੂਲ ਵਿੱਚ ਕੋਈ ਕੰਮ ਅਧੂਰਾ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਧੂਰੇ ਪਏ ਕੰਮ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ।

ਇਸ ਮੌਕੇ ਵਿਧਾਇਕ ਦਹੀਯਾ ਨੇ ਕਿਹਾ ਕਿ ਸਿੱਖਿਆ ਦਾ ਮਿਆਰ ਉਚਾ ਚੁੱਕਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖਿਆ ਦੇ ਵਿਕਾਸ ਪੱਖੀ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਵਜੋਂ ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਏ ਹਨ ਅੱਜ ਇਨ੍ਹਾਂ ਸਕੂਲਾਂ ਦੇ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚੇ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਰਹੇ ਹਨ।

ਇਸ ਮੌਕੇ ਸ਼੍ਰੀਮਤੀ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਫ਼ਿਰੋਜ਼ਪੁਰ, ਸ਼੍ਰੀਮਤੀ ਸੁਨੀਤਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਡਾ. ਸਤਿੰਦਰ ਸਿੰਘ ਉੱਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ , ਸ੍ਰੀ ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸੁਮਨਦੀਪ ਕੌਰ, ਪੀ.ਏ. ਟੂ ਐਮ.ਐਲ.ਏ. ਸ. ਰੌਬੀ ਸੰਧੂ, ਸ. ਅੰਮ੍ਰਿਤ ਪਾਲ ਬਰਾੜ, ਸ. ਜਸਵਿੰਦਰ ਸਿੰਘ ਅਤੇ ਸ. ਇੰਦਰਜੀਤ ਸਿੰਘ, ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੋਂ ਇਲਾਵਾ ਸਰਬਜੀਤ ਸਿੰਘ ਏ.ਸੀ.ਪੀ. ਜਨਰਲ, ਸ. ਵਰਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Leave a Comment