ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਦੇਣੀ ਪੰਜਾਬ ਦੇ ਹੱਕਾਂ ‘ਤੇ ਡਾਕਾ : ਰਾਜੂ ਖੰਨਾ

ਚੰਡੀਗੜ੍ਹ ਤੇ ਕੇਵਲ ਪੰਜਾਬ ਦਾ ਹੱਕ ਸੀ,ਹੱਕ ਹੈ ਤੇ ਹਮੇਸ਼ਾ ਰਹੇਗਾ।

ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਹੱਕੀ ਮੰਗਾ ਲਈ ਪੰਜਾਬ ਤੇ ਪੰਜਾਬੀਆਂ ਨਾਲ ਧੱਕੇਸ਼ਾਹੀ ਕੀਤੀ।

ਅਮਲੋਹ,14 ਨਵੰਬਰ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਪਹੁੰਚ ਪੰਜਾਬ ਅਤੇ ਪੰਜਾਬੀਆਂ ਦਾ ਸਿੱਧੇ ਤੌਰ ਤੇ ਹੱਕਾਂ ਮੰਗਾਂ ਤੇ ਡਾਕਾ ਹੈ।ਜਿਸ ਨੂੰ ਪੰਜਾਬ ਦੇ ਵਾਸੀ ਕਦੇ ਵੀ ਸਹਿਣ ਨਹੀਂ ਕਰਨਗੇ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਚੰਡੀਗੜ੍ਹ ਦੀ ਸਥਾਪਤੀ ਪੰਜਾਬ ਦੇ ਦਰਜਨਾਂ ਪਿੰਡਾਂ ਦੀ ਹੋਂਦ ਨੂੰ ਖਤਮ ਕਰਨ ਨਾਲ ਹੋਈ ਸੀ।ਜਿਸ ਕਾਰਨ ਇਸ ਸ਼ਹਿਰ ਤੇ ਸਿਰਫ ਤੇ ਸਿਰਫ ਪੰਜਾਬ ਦਾ ਹੀ ਹੱਕ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨੂੰ ਦਰਕਿਨਾਰ ਕਰਕੇ ਚੰਗਾ ਨਹੀਂ ਕੀਤਾ ਜਾ ਰਿਹਾ। ਰਾਜੂ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ੁਰੂ ਤੋਂ ਹੀ ਮਨਸ਼ਾ ਪੰਜਾਬ ਵਿਰੋਧੀ ਰਹੀ ਹੈ। ਕਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਜਮਹੂਰੀ ਹੱਕਾਂ ਦੇ ਖਾਤਮੇ ਦੀ ਗੱਲ ਕੀਤੀ ਜਾ ਰਹੀ ਹੈ।ਅਤੇ ਕਦੇ ਚੰਡੀਗੜ੍ਹ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਉੱਪਰ ਕੇਂਦਰ ਸਰਕਾਰ ਦੇ ਨਿਯਮ ਲਾਗੂ ਕਰਨ ਦਾ ਫੈਸਲਾ ਕੀਤਾਂ ਜਾਂਦਾ ਹੈ।ਤੇ ਹੁਣ ਹਰਿਆਣਾ ਨੂੰ ਚੰਡੀਗੜ੍ਹ ਅੰਦਰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਨਾਲ ਵੱਡੀ ਧੋਖੇ ਦੀ ਗੱਲ ਹੈ, ਜਿਸ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਸਿੱਧੇ ਤੌਰ ‘ਤੇ ਸ਼ਾਮਲ ਹੈ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੋਗਲਾ ਚਿਹਰਾ ਉਸ ਵਕਤ ਨੰਗਾ ਹੋਇਆ ਸੀ, ਜਦੋਂ ਉਸ ਨੇ ਬੀਤੇ ਸਮੇਂ ‘ਚ ਇਕ ਟਵੀਟ ਕਰਕੇ ਵੱਖਰੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਨਿਭਾਈ ਜਾ ਰਹੀ ਸਾਜ਼ਿਸ਼ੀ ਭੂਮਿਕਾ ਦੇ ਕਾਰਨ ਹੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਕੇ ਹਰਿਆਣਾ ਲਈ ਜਗ੍ਹਾ ਦੇਣ ਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੱਕ ਸੀ, ਹੱਕ ਹੈ ਅਤੇ ਹਮੇਸ਼ਾ ਰਹੇਗਾ। ਉਨ੍ਹਾਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਇਸ 10 ਏਕੜ ਜਗ੍ਹਾ ਦੇਣ ਦੇ ਬਦਲੇ ਹਰਿਆਣਾ ਵੱਲੋਂ ਪੰਚਕੂਲਾ ਵਿਚ 12 ਏਕੜ ਜਗ੍ਹਾ ਦੇਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ, ਪਰ ਪੰਜਾਬੀਆਂ ਨੂੰ ਧੋਖੇ ਵਿਚ ਰੱਖਣ ਦਾ ਹੀ ਇਕ ਇਹ ਤਰੀਕਾ ਕੇਂਦਰ ਸਰਕਾਰ ਵਰਤ ਰਹੀ ਹੈ । ਰਾਜੂ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਕਾਰਵਾਈ ’ਤੇ ਤੁਰੰਤ ਰੋਕ ਲਗਾਵੇ ਅਤੇ ਚੰਡੀਗੜ੍ਹ ਸਬੰਧੀ ਕੀਤੇ ਜਾਣ ਵਾਲੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਪੰਜਾਬ ਨਾਲ ਜੁੜੀ ਹਰ ਰਾਜਸੀ ਪਾਰਟੀ, ਸਮਾਜਿਕ ਜਥੇਬੰਦੀਆਂ ਅਤੇ ਧਾਰਮਿਕ ਪ੍ਰਤੀਨਿਧ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਲਾਹ ਮਸ਼ਵਰਾ ਯਕੀਨੀ ਬਣਾਇਆ ਜਾਵੇ।ਤਾ ਜੋ ਪੰਜਾਬ ਦੇ ਹੱਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਫੋਟੋ ਕੈਪਸਨ:— ਗੁਰਪ੍ਰੀਤ ਸਿੰਘ ਰਾਜੂ ਖੰਨਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ।

ਪੱਤਰਕਾਰ ਜਗਜੀਤ ਸਿੰਘ ਕੈਥ ਇੰਡੀਅਨ ਟੀਵੀ ਨਿਊਜ਼

Leave a Comment