ਅੰਮ੍ਰਿਤਸਰ: 9 ਦਸੰਬਰ(ਦੀਪਾ ਬਰਾੜ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਛੇਕਣ ਦੀ ਮੰਗ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਕਾਰਾਤਮਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਕਮੇਟੀ ਬਣਾਈ ਗਈ ਹੈ, ਜੋ ਤਿੰਨ ਹਫ਼ਤਿਆਂ ਵਿੱਚ ਸਾਜ਼ਿਸ਼ ਦੀ ਪੂਰੀ ਜਾਂਚ ਰਿਪੋਰਟ ਪੇਸ਼ ਕਰੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਨਾਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ ਸਿੰਘ ਬਾਦਲ ’ਤੇ ਕੀਤਾ ਹਮਲਾ ਨਿੰਦਨਯੋਗ ਹੈ। ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਨਾਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਛੇਕਿਆ ਜਾਵੇ। ਇਸ ਹਮਲੇ ਨਾਲ ਗੋਲਡਨ ਟੈਂਪਲ ਦੀ ਡਿਊਢੀ ’ਤੇ ਗੋਲੀ ਲੱਗੀ ਹੈ, ਜੋ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਬੇਅਦਬੀ ਹੈ।ਅੰਤਰਿਮ ਕਮੇਟੀ ਮਹਿਸੂਸ ਕਰਦੀ ਹੈ ਕਿ ਇਸ ਘਟਨਾ ਨਾਲ ਸੰਗਤ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ। ਕਮੇਟੀ ਨੇ ਇਹ ਵੀ ਕਿਹਾ ਹੈ ਕਿ ਇਹ ਹਮਲਾ ਇੱਕ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ। ਇਸ ਲਈ ਹੋਰ ਦੋਸ਼ੀਆਂ ਦੀ ਪਛਾਣ ਕਰਨ ਲਈ ਮਾਮਲੇ ਦੀ ਵਧੀਕ ਜਾਂਚ ਕੀਤੀ ਜਾਵੇਗੀ। ਇਸ ਦੇ ਲਈ ਇੱਕ ਕਮੇਟੀ ਬਣਾਈ ਗਈ ਹੈ, ਜਿਸ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਹੋਣਗੇ। ਕਮੇਟੀ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।