ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤਕ ਸਜਾਇਆ ਇਤਿਹਾਸਕ ਨਗਰ ਕੀਰਤਨ
ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ)
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਇਤਿਹਾਸਕ ਤੇ ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸੰਪੰਨ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਕਰਨੈਲ ਸਿੰਘ ਪੰਜੋਲੀ, ਅਵਤਾਰ ਸਿੰਘ ਰਿਆ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਸਮੇਤ ਵੱਡੀ ਗਿਣਤੀ ਵਿਚ ਧਾਰਮਿਕ ਅਤੇ ਸਿਆਸੀ ਆਗੂਆਂ ਤੋਂ ਇਲਾਵਾ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਨਤਮਸਤਕ ਹੋ ਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਅਜ਼ੀਮ ਸ਼ਹਾਦਤਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਦੀ ਅਰੰਭਤਾ ਤੋਂ ਪਹਿਲਾਂ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਇਤਿਹਾਸਕ ਕਥਾ ਤੇ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤੀ ਰੂਪ ਵਿਚ ਪਾਠ ਕੀਤਾ ਅਤੇ ਅਰਦਾਸ ਉਪਰੰਤ ਹੁਕਮਨਾਮਾ ਲਿਆ। ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾਲੂ ਸੰਗਤਾਂ ਦੀ ਵਿਸ਼ਾਲ ਸ਼ਮੂਲੀਅਤ ਨਾਲ ਸ਼ਹੀਦੀ ਨਗਰ ਕੀਰਤਨ ਅਰੰਭ ਹੋਇਆ। ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਕੀਤੀ। ਇਸ ਦੌਰਾਨ ਸੰਗਤੀ ਰੂਪ ਵਿੱਚ ਪਾਠ ਮਗਰੋਂ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ ਜਿਸ ਦੀ ਸਮਾਪਤੀ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ। ਸਮਾਪਤੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕੀਤੀ।
ਫ਼ੋਟੋ ਕੈਪਸਨ: ਨਗਰ ਕੀਰਤਨ ਵਿਚ ਪਾਲਕੀ ਸਾਹਿਬ ਨਾਲ ਚਲਦੇ ਹੋਏ ਲੱਖਾਂ ਸਰਧਾਲੂ।
ਫ਼ੋਟੋ ਕੈਪਸਨ: ਅਰਦਾਸ ਵਿਚ ਸਾਮਲ ਧਾਰਮਿਕ ਅਤੇ ਸਿਆਸੀ ਆਗੂ ਅਤੇ ਸੰਗਤ