
ਕੈਬਨਿਟ ਮੰਤਰੀ ਤੇ ਆਪ ਪ੍ਰਧਾਨ ਅਮਨ ਅਰੋੜਾ ਸਮੇਤ ਮੰਤਰੀ ਤੇ ਵਿਧਾਇਕ ਗੁਰਦੁਆਰਾ ਸਾਹਿਬ ਹੋਏ ਨਤਮਸਤਕ
ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)
ਸੂਦ ਸ਼ਹੀਦੀ ਸਭਾ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵੱਖੋ-ਵੱਖ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਰਗੀ ਮਹਾਨ ਧਰਤੀ ‘ਤੇ ਹੋਈਆਂ ਮਹਾਨ ਸ਼ਹਾਦਤਾਂ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਮਿਲਦੀ, ਇਸ ਲਈ ਅੱਜ ਉਹ ਸੰਗਤੀ ਰੂਪ ਵਿੱਚ ਇਸ ਇਤਿਹਾਸਕ ਧਰਤੀ ‘ਤੇ ਮਹਾਨ ਸ਼ਹਾਦਤਾਂ ਨੂੰ ਨਤਮਸਤਕ ਹੋਣ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਰਦਾਸ ਕੀਤੀ ਹੈ ਕਿ ਅਕਾਲ ਪੁਰਖ ਸਭਨਾਂ ਦੇ ਸਿਰ ’ਤੇ ਮਿਹਰ ਭਰਿਆ ਹੱਥ ਰੱਖੇ ਅਤੇ ਪੰਜਾਬ ਵੱਧ ਤੋਂ ਵੱਧ ਤਰੱਕੀ ਕਰੇ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਹੋਈਆਂ ਸ਼ਹਾਦਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰ ਕੇ ਅੱਗੇ ਜਾਗਰੂਕਤਾ ਪੈਦਾ ਕਰਨੀ ਸਮੇਂ ਦੀ ਲੋੜ ਹੈ ਅਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਤੋਂ ਸੇਧ ਲੈ ਕੇ ਸਮਾਜ ਨੂੰ ਬਿਹਤਰ ਬਣਾਉਣ ਲਈ ਕਾਰਜ ਕਰਨੇ ਵੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨਾਂ ਕਿਸੇ ਡਰ-ਭੈਅ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਝੂਠ ‘ਤੇ ਕੂੜ ਦਾ ਪਸਾਰਾ ਜਿੰਨਾ ਮਰਜ਼ੀ ਵੱਡਾ ਹੋਵੇ, ਅੰਤ ਜਿੱਤ ਸੱਚ ਦੀ ਹੁੰਦੀ ਹੈ। ਉਨ੍ਹਾਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਗੁਰ ਮਰਯਾਦਾ ਅਨੁਸਾਰ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸ਼੍ਰੀ ਅਮਨ ਅਰੋੜਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਅਤੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬੱਸੀ ਪਠਾਣਾਂ ਦੇ ਰੁਪਿੰਦਰ ਸਿੰਘ ਹੈਪੀ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਮਾਜਰਾ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ., ਚੇਅਰਮੈਨ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੌਤ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਗੁਰਦੁਆਰਾ ਸਾਹਿਬ ਨੱਤਮੱਸਤਕ ਹੋਣ ਜਾਦੇ ਹੋਏ।
ਫ਼ੋਟੋ ਕੈਪਸਨ: ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸਨਮਾਨ ਕਰਦੇ ਹੋਏ।