ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ ਪ੍ਰਾਇਮਰੀ ਵਿੰਗ ਤੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟਰੇਸ਼ਨ ਲਾਜ਼ਮੀ-ਡਾ.ਥਿੰਦ

ਬੱਚਿਆਂ ਦੀ ਦੇਖਭਾਲ ਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰਦੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ

ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ‘ਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ਪ੍ਰਾਈਵੇਟ ਸਕੂਲਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਤਹਿਤ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟਰੇਸ਼ਨ ਲਾਜ਼ਮੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਰਾਜ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਈਸੀਸੀਈ (ਅਰਲੀ ਚਾਈਲਡਹੁੱਡ ਕੇਅਰ ਐਂਡ ਐਜੁਕੇਸ਼ਨ) ਦੇ ਖੇਤਰ ਵਿੱਚ ਕੰਮ ਰਹੀਆਂ ਸੰਸਥਾਵਾਂ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਰਜਿਸਟਰੇਸ਼ਨ ਲਾਜ਼ਮੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੇ ਦਫ਼ਤਰ ਜਾਂ ਸਬੰਧਤ ਬਲਾਕ ਦੇ ਸੀਡੀਪੀਓ ਦਫ਼ਤਰ ਨਾਲ ਤਾਲਮੇਲ ਕਰਕੇ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਰਜਿਸਟਰੇਸ਼ਨ ਸਬੰਧੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਾਂ ਸਬੰਧਤ ਸੀਡੀਪੀਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹਰੇਕ ਪਲੇਅ ਵੇਅ ਸਕੂਲ ਨੂੰ ਰਜਿਸਟਰ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰੰਤ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਪ੍ਰਾਈਵੇਟ ਸਕੂਲਾਂ/ਸੰਸਥਾਵਾਂ/ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਸਕੂਲ, ਸੰਸਥਾ ਜਾਂ ਪਲੇਅ ਵੇਅ ਸਕੂਲ ਪਾਲਿਸੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਨਗੇ ਤਾਂ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

 

ਫੋਟੋ ਕੈਪਸ਼ਨ: ਡਾ.ਸੋਨਾ ਥਿੰਦ

Leave a Comment