ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 297 ਚਲਾਨ ਕੀਤੇ ਅਤੇ 6 ਵਾਹਨ ਜ਼ਬਤ ਕੀਤੇ
ਫਤਹਿਗੜ੍ਹ ਸਾਹਿਬ, (ਅਜੇ ਕੁਮਾਰ)
ਸੀਨੀਅਰ ਕਪਤਾਨ ਪੁਲਿਸ, ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਉਣ ਲਈ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕਰਨਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡੀਐਸਪੀ ਟਰੈਫਿਕ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਸੜਕੀ ਆਵਾਜਾਈ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ 31 ਜਨਵਰੀ 2025 ਤਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਦੌਰਾਨੇ ਚੈਕਿੰਗ ਓਵਰ ਸਪੀਡਿੰਗ, ਲਾਲ ਬੱਤੀ ਦੀ ਉਲੰਘਣਾ, ਸੀਟ ਬੈਲਟ ਨਾ ਲਾਉਣ, ਮੋਬਾਈਲ ਫੋਨ ਦੀ ਵਰਤੋਂ ਕਰਨ, ਸ਼ਰਾਬ ਪੀ ਕੇ ਗੱਡੀ ਚਲਾਉਣ, ਬਿਨਾਂ ਹੈਲਮਟ ਅਤੇ ਬੁਲਟ ਮੋਟਸਾਈਕਲਾਂ ਦੇ ਮੋਡੀਫਾਈਡ ਸਾਇਲੈਂਸਰਾਂ ਸਬੰਧੀ ਚਲਾਨ ਕੀਤੇ ਗਏ। ਇਸ ਮੁਹਿੰਮ ਤਹਿਤ ਹੁਣ ਤਕ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 297 ਚਲਾਨ ਕੀਤੇ ਗਏ ਅਤੇ 6 ਵਾਹਨ ਜ਼ਬਤ ਕੀਤੇ ਗਏ। ਮੁਹਿੰਮ ਦੌਰਾਨ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਧੁੰਦ ਦੇ ਮੱਦੇਨਜ਼ਰ ਵਾਹਨਾਂ ’ਤੇ ਰਿਫਲੈਕਟਰ ਵੀ ਲਾਏ ਗਏ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਨਾਲ ਹੀ ਟਰੈਫਿਕ ਹਾਦਸੇ, ਜਿਨ੍ਹਾਂ ਵਿੱਚ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਉਹਨਾਂ ਦਾ ਸਹਿਯੋਗ ਦੇਣ।
ਫੋਟੋ ਕੈਪਸ਼ਨ: ਪੁਲੀਸ ਮੁਲਾਜਮ ਵਾਹਨਾਂ ਦੀ ਚੈਕਿੰਗ ਕਰਦੇ ਹੋਏ।
ਫ਼ੋਟੋ ਕੈਪਸਨ: ਪੁਲੀਸ ਮੁਲਾਜ਼ਮ ਰਿਫ਼ਲੈਕਟਰ ਲਗਾਉਂਦੇ ਹੋਏ।