ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼-ਡਿਪਟੀ ਕਮਿਸ਼ਨਰ

ਡਾ.ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ

 

ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ)

 

26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਹਨ, ਇਸ ਲਈ ਸਮੂਹ ਅਧਿਕਾਰੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਸਮਰਪਣ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਤਾਂ ਜੋ ਇਸ ਪਵਿੱਤਰ ਦਿਹਾੜੇ ਨੂੰ ਦੇਸ਼ ਭਗਤੀ ਦੀ ਭਾਵਨਾਂ ਨਾਲ ਮਨਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਸਮੇਤ ਐਨ.ਸੀ.ਸੀ. ਵਿੰਗਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਇਕਲ ਦਿੱਤੇ ਜਾਣਗੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੂੰ ਖੇਡ ਸਟੇਡੀਅਮ ਦੇ ਆਲੇ ਦੁਆਲੇ ਦੀ ਸਫਾਈ ਸਬੰਧੀ, ਜ਼ਿਲ੍ਹਾ ਮੰਡੀ ਅਫਸਰ ਨੂੰ ਪੀਣ ਵਾਲੇ ਪਾਣੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਨੂੰ ਰੀਹਰਸਲਾਂ ਤੇ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਲਈ ਰਿਫਰੈਸ਼ਮੈਂਟ ਅਤੇ ਬਾਗਬਾਨੀ ਵਿਭਾਗ ਨੂੰ ਸਜ਼ਾਵਟ ਦਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਮੌਕੇ ਹਾਜ਼ਰੀ ਯਕੀਨੀ ਬਨਾਉਂਣ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਦੀ ਸੂਚੀ 20 ਜਨਵਰੀ ਤੱਕ ਭੇਜਣ ਲਈ ਕਿਹਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਪੀ. (ਹੈ/ਕੁ) ਰਾਕੇਸ਼ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫਸਰ ਕਰੁਣ ਗੁਪਤਾ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਸ਼ੀਲ ਨਾਥ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸਮਸ਼ੇਰ ਸਿੰਘ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ ਆਦਿ ਹਾਜ਼ਰ ਸਨ

 

ਫ਼ੋਟੋ ਕੈਪਸਨ: ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Leave a Comment