ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)

ਗੁਰੂਦਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਘ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਮਾਘ ਮਹੀਨੇ ਦੀ ਸੰਗਰਾਂਦ ਸੰਬੰਧੀ ਅਤੇ ਖਿਦਰਾਣੇ ਦੀ ਢਾਬ ’ਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਵਲੋਂ ਮੁਗ਼ਲ ਹਕੂਮਤ ਵਿਰੁੱਧ ਲੜੀ ਆਖ਼ਰੀ ਜੰਗ ਬਾਰੇ ਸੰਗਤਾਂ ਨਾਲ ਇਤਿਹਾਸਿਕ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਦੌਰਾਨ ਅੰਮ੍ਰਿਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਦੀਆ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ ਜਦੋਂ ਕਿ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਦੇ ਮੱਦੇਨਜ਼ਰ ਵੱਖ-ਵੱਖ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ, ਸਮਾਜਿਕ ਸੰਸਥਾਵਾਂ ਅਤੇ ਪਿੰਡਾਂ ਵਲੋਂ ਲੰਗਰ ਵੀ ਲਗਾਏ ਗਏ। ਜ਼ਿਲ੍ਹਾ ਪੁਲਿਸ ਨੇ ਵੀ ਭਾਰੀ ਇਕਠ ਕਾਰਣ ਆਵਾਜਾਈ ਨੂੰ ਨਿਰਵਿਘਨ ਤੇ ਸੁਚਾਰੂ ਰੂਪ ’ਚ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ਼ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਰਿਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਆਦਿ ਮੌਜੂਦ ਸਨ। ਉਨ੍ਹਾਂ ਦਸਿਆ ਕਿ 16 ਦਸੰਬਰ ਤੋਂ ਹੁਣ ਤੱਕ 40 ਲੱਖ ਤੋਂ ਵੀ ਵੱਧ ਸੰਗਤਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੱਤਮੱਸਤਕ ਹੋਈਆਂ।

*ਫੋਟੋ ਕੈਪਸ਼ਨ: ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ‘ਚ ਲਾਈਨਾਂ ‘ਚ ਖੜ੍ਹੇ ਸਰਧਾਲੂ।*

Leave a Comment