ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ,(ਅਜੇ ਕੁਮਾਰ

 

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਰੱਖਿਅਤ ਆਵਾਜਾਈ ‘ਤੇ ਸੜ੍ਹਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਵਜੋਂ ਮਨਾਏ ਜਾਣ ਤਹਿਤ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਅਮਲੋਹ ਦੀ ਟਰੱਕ ਯੂਨੀਅਨ ਵਿੱਚ ਟਰੱਕ ਡਰਾਈਵਰਾਂ ਲਈ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ ਜਿਸ ਵਿੱਚ ਮਾਹਰ ਡਾਕਟਰਾਂ ਵੱਲੋਂ 95 ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ ਹੈ ਅਤੇ ਅਕਸਰ ਟਰੈਫਿਕ ਨਿਯਮਾਂ ਦੀ ਉਲੰਘਣਾ ਨਾਲ ਕਈ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਵਿੱਚ ਅਨਮੋਲ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਵਾਹਨ ਚਾਲਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜੋ ਕਿ ਦੁਰਘਟਨਾ ਦਾ ਕਾਰਨ ਬਣ ਜਾਂਦੀ ਹੈ ਅਤੇ ਕਿਸੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਗਲਤੀ ਦੀ ਸਜ਼ਾ ਕਈ ਹੋਰਨਾਂ ਲੋਕਾਂ ਨੂੰ ਵੀ ਭੁਗਤਣੀ ਪੈਦੀ ਹੈ। ਉਨ੍ਹਾਂ ਕਿਹਾ ਕਿ ਇੱਕ ਜਿੰਮੇਵਾਰ ਨਾਗਰਿਕ ਵਜੋਂ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜ੍ਹਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਮਾਂਹ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟਰੈਫਿਕ ਪੁਲਿਸ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲਾਂ, ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਟਰੱਕ ਯੂਨੀਅਨ, ਆਟੋ ਰਿਕਸ਼ਾ ਯੂਨੀਅਨ ਆਦਿ ਵਿੱਚ ਵਾਹਨਾਂ ਦੇ ਚਾਲਕਾਂ ਨੂੰ ਸੜਕੀ ਦੁਰਘਟਨਾਵਾਂ ਰੋਕਣ ਸਬੰਧੀ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

 

*ਫੋਟੋ ਕੈਪਸ਼ਨ: ਅਧਿਕਾਰੀ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ।*

Leave a Comment