ਭਾਰਤ ਰਤਨ ਡਾ. ਰਾਓ ਅੰਬੇਦਕਰ ਨੇ ਸੰਵਿਧਾਨ ਦੀ ਰਚਨਾ ਕਰਕੇ ਹਰੇਕ ਵਰਗ ਨੂੰ ਬਰਾਬਰਤਾ ਦੇ ਹੱਕ ਦਿੱਤੇ-ਡਾ. ਥਿੰਦ

ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)

ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਨੇ ਆਜ਼ਾਦ ਭਾਰਤ ਦੇ ਸੰਵਿਧਾਨ ਦੀ ਰਚਨਾ ਕਰਕੇ ਅਜਿਹਾ ਮਹਾਨ ਸੰਵਿਧਾਨ ਸਿਰਜਿਆ ਜਿਸ ਵਿੱਚ ਸਾਰੇ ਵਰਗਾਂ ਨੂੰ ਬਰਾਬਰਤਾ ਦੇ ਹੱਕ ਦਿੱਤੇ। ਆਜ਼ਾਦ ਭਾਰਤ ਦਾ ਸੰਵਿਧਾਨ ਦੁਨੀਆਂ ਭਰ ਨੂੰ ਅਨੇਕਤਾ ਵਿੱਚ ਏਕਤਾ ਦਾ ਸੁਨੇਹਾ ਦਿੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪੰਰਤ ਕੀਤਾ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ‘ਚ ਚਰਚਾ ਕਰਦਿਆ ਦੱਸਿਆ ਕਿ ਦਿਹਾਤੀ ਖੇਤਰ ਵਿੱਚ 2 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ 18 ਅਤਿ ਆਧੁਨਿਕ ਲਾਇਬਰੇਰੀਆਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸੁਤੰਤਰਤਾ ਸੈਨਾਨੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ, ਸਿਲਾਈ ਮਸ਼ੀਨਾਂ ਅਤੇ ਵੀਲ੍ਹ ਚੇਅਰ ਵੀ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁੱਖ-ਮਹਿਮਾਨ, ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਦਾ ਸਨਮਾਨ ਵੀ ਕੀਤਾ ਗਿਆ। ਝਾਕੀਆਂ ਦੇ ਮੁਕਾਬਲੇ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਹਿਲਾ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਦੂਜਾ ਅਤੇ ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਦੀ ਝਾਕੀ ਨੇ ਤੀਸਰਾ ਸਥਾਨ ਲਿਆ ਜਿਨ੍ਹਾਂ ਦਾ ਵੀ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਹੋਮ ਗਾਰਡਜ਼ ਦੇ ਜਵਾਨਾਂ ਅਅਤੇ ਵੱਖ-ਵੱਖ ਸਕੂਲਾਂ ਦੇ ਐਨਸੀਸੀ ਕੈਡਿਟਾਂ ਵੱਲੋਂ ਸ਼ਾਨਦਾਰ ਪਰੇਡ ਤੇ ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਭੰਗੜਾ ਤੇ ਗਿੱਧਾ ਪੇਸ਼ ਕੀਤਾ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. ਰਾਕੇਸ਼ ਯਾਦਵ ਅਤੇ ਐਸ.ਡੀ.ਐਮ. ਅਰਵਿੰਦ ਕੁਮਾਰ ਆਦਿ ਹਾਜ਼ਰ ਸਨ।

*ਫ਼ੋਟੋ ਕੈਪਸਨ: ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਮਾਰਚ ਪਾਸਟ ਤੋਂ ਸਲਾਮੀ ਲੈਦੇ ਹੋਏ।*

Leave a Comment