
ਹਲਕੇ ਦੇ 7 ਸਕੂਲਾਂ ਨੂੰ 17.20 ਲੱਖ ਦੀ ਲਾਗਤ ਨਾਲ ਦਿੱਤੀ ਜਾਵੇਗੀ ਖੇਡ ਸਮੱਗਰੀ
ਅਮਲੋਹ,(ਅਜੇ ਕੁਮਾਰ)
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਜਿਥੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਲਈ ਇਤਿਹਾਸਕ ਫੈਸਲੇ ਕੀਤੇ ਹਨ ਉਥੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਇਥੇ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਅਮਲੋਹ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧੀਆ ਖੇਡ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ 7 ਸਕੂਲਾਂ ਲਈ 17.20 ਲੱਖ ਰੁਪਏ ਦੀ ਗ੍ਰਾਂਟ ਮਿਲੀ ਹੈ, ਜਿਸ ਨਾਲ ਸਕੂਲਾਂ ਅੰਦਰ ਮਿਆਰੀ ਖੇਡ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦਸਿਆ ਕਿ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਕਬੱਡੀ ਮੈਟ ਲਈ 6 ਲੱਖ 27 ਹਜ਼ਾਰ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਬੈਡਮਿੰਟਨ ਅਤੇ ਵਾਲੀਬਾਲ ਲਈ 1 ਲੱਖ 28 ਹਜ਼ਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਵਿਖੇ ਕਬੱਡੀ ਮੈਟ ਲਈ 6 ਲੱਖ 27 ਹਜ਼ਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਦਾਬੱਧਾ ਕਲਾਂ ਵਿਖੇ ਬੈਡਮਿੰਟਨ ਲਈ 1 ਲੱਖ 10 ਹਜ਼ਾਰ, ਸ਼ਹੀਦ ਅਤਰ ਸਿੰਘ ਸ਼ਹੀਦ ਜਵਾਹਰ ਸਿੰਘ ਸਰਕਾਰੀ ਮਿਡਲ ਸਕੂਲ ਮਛਰਾਏ ਕਲਾਂ ਵਿਖੇ ਬੈਡਮਿੰਟਨ ਲਈ 1 ਲੱਖ 10 ਹਜ਼ਾਰ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ 5 ਹਜ਼ਾਰ ਰੁਪਏ ਅਲਾਟ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਅੰਦਰ ਖੇਡਾਂ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਸਾਨੂੰ ਸਰੀਰਕ ਤੰਦਰੁਸਤੀ ਦੇ ਨਾਲ ਮਾਨਸਿਕ ਤੰਦਰੁਸਤੀ ਵੀ ਦਿੰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਦਾ ਸੱਦਾ ਦਿਤਾ।
*ਫੋਟੋ ਕੈਪਸ਼ਨ: ਗੁਰਿੰਦਰ ਸਿੰਘ ਗੈਰੀ ਬੜਿੰਗ।*