ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੂਲਾਪੁਰੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਸਾਂਝੇ ਅਧਿਆਪਕ ਮੋਰਚੇ ਵਲੋਂ ਮੀਟਿੰਗ ਬੁਲਾ ਕੇ, ਮੀਟਿੰਗ ਵਿੱਚ ਮੰਨੀਆਂ ਮੰਗਾਂ ਤੋਂ ਆਨਾਕਾਨੀ ਕਰਨ ਅਤੇ ਅਧਿਆਪਕ ਮੰਗਾਂ ਮਸਲਿਆਂ ਨੂੰ ਹੱਲ ਨਾ ਕਰਨ ਦੇ ਵਿਰੋਧ ‘ਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਝੰਡੇ ਥੱਲੇ ਸਿੱਖਿਆ ਮੰਤਰੀ ਦੇ ਹਲਕੇ ਵਿੱਚ 8 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਮਾਰਚ ਕੀਤਾ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਇਸ ਵਿਚ ਸਾਮਲ ਹੋਣਗੇ। ਉਨ੍ਹਾਂ ਦਸਿਆ ਕਿ ਪੰਜਾਬ ਭਰ ਦੇ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ ਅਤੇ ਅਧਿਆਪਕਾਂ ਨਾਲ ਡੋਰ-ਟੂ-ਡੋਰ ਅਤੇ ਸਕੂਲ-ਟੂ-ਸਕੂਲ ਜਾ ਕੇ ਰਾਬਤਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕੇ ਸਿੱਖਿਆ ਮੰਤਰੀ ਅਧਿਆਪਕਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਲਈ ਤਿਆਰ ਨਹੀਂ ਜਿਸ ਕਾਰਣ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪਿਆ। ਮੰਗਾਂ ਦਾ ਜਿਕਰ ਕਰਦਿਆ ਉਨ੍ਹਾਂ ਕਿਹਾ ਕਿ ਪੀ. ਟੀ. ਆਈਜ਼ /ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਦੀ ਬਜਾਏ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਸਮੇਤ ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੇ ਪੱਤਰ ਲਾਗੂ ਕਰਨ ਆਦਿ ਮੰਗਾਂ ਤੁਰੰਤ ਅਮਲੀ ਰੂਪ ਵਿਚ ਲਾਗੂ ਕੀਤੀਆਂ ਜਾਣ। ਇਸ ਮੌਕੇ ਅਮਰਜੀਤ ਸਿੰਘ, ਸਤਿੰਦਰ ਸਿੰਘ, ਜਗਤਾਰ ਸਿੰਘ ਫੈਜੁਲਾਪੁਰ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਸੁਖਵਿੰਦਰ ਸਿੰਘ ਮਾਜਰੀ, ਪਰਮਿੰਦਰ ਸਿੰਘ ਅਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ।
ਫ਼ੋਟੋ ਕੈਪਸਨ: ਸੁਖਵਿੰਦਰ ਸਿੰਘ ਚਾਹਲ, ਰਾਜੇਸ਼ ਕੁਮਾਰ ਅਤੇ ਹੋਰ ਗਲਬਾਤ ਕਰਦੇ ਹੋਏ।