*ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ*
*ਸਿਹਤ ਮੰਤਰੀ ਨੇ ਹਸਪਤਾਲਾਂ ਅੰਦਰ ਆਉਂਦੇ ਮਰੀਜਾਂ ਨੂੰ 100 ਫੀਸਦੀ ਦਵਾਈਆਂ ਮੁਹੱਈਆ ਕਰਵਾਉਣ ਦੇ ਦਿੱਤੇ ਆਦੇਸ਼*
*ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)*
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਜ਼ਿਲਾ ਹਸਪਤਾਲ ਫਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅੱਖਾਂ, ਹੱਡੀਆਂ, ਗਾਇਨੀ, ਓਪੀਡੀ, ਮੈਡੀਸਨ ਅਤੇ ਸਰਜੀਕਲ ਆਦਿ ਵਿਭਾਗਾਂ ਦਾ ਨਿਰੀਖਣ ਕੀਤਾ ਅਤੇ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲਿਆ। ਸਿਵਲ ਹਸਪਤਾਲ ਦੇ ਰਜਿਸਟਰੇਸ਼ਨ ਕਾਊਂਟਰ ‘ਤੇ ਮਰੀਜਾਂ ਦੀਆਂ ਲੰਬੀਆਂ ਲਾਇਨਾਂ ਵੇਖ ਕੇ ਸਿਹਤ ਮੰਤਰੀ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੇਡੀ ਸਿੰਘ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਸਵੇਰੇ 8.30 ਵਜੇ ਰਜਿਸਟਰੇਸ਼ਨ ਸ਼ੁਰੂ ਕਰਨੀ ਯਕੀਨੀ ਬਣਾਈ ਜਾਵੇ ਅਤੇ ਡਾਕਟਰਾਂ ਦੀ ਓਪੀਡੀ ਵੀ ਸਵੇਰੇ 9 ਵਜੇ ਸ਼ੁਰੂ ਕੀਤੀ ਜਾਵੇ ਤਾਂ ਜੋ ਮਰੀਜਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਅੰਦਰ ਆਉਣ ਵਾਲੇ ਮਰੀਜਾਂ ਨੂੰ ਆਭਾ ਆਈ.ਡੀ. ਬਣਾਉਣ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਮਰੀਜ ਘਰ ਬੈਠੇ ਹੀ ਆਨਲਾਇਨ ਰਜਿਸਟਰੇਸ਼ਨ ਕਰਵਾ ਕੇ ਇਸ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਗੈਰ ਹਾਜਰ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੂੰ ਨਿਰਦੇਸ਼ ਦਿੱਤੇ ਕਿ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਲਿਖੀ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਦੇਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਸਪਤਾਲਾਂ ਅੰਦਰ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਮਰੀਜਾਂ ਨੂੰ ਬਾਹਰੋਂ ਦਵਾਈਆਂ ਖਰੀਦਣ ਤੇ ਖਰਚਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਲੈਬਾਰਟਰੀ ਟੈਸਟ, ਐਕਸਰੇ, ਅਲਟਰਾਸਾਊਂਡ ਆਦਿ ਸਾਰੇ ਹਸਪਤਾਲ ਵਿੱਚੋਂ ਹੀ ਕੀਤੇ ਜਾਣ। ਉਨ੍ਹਾਂ ਹਸਪਤਾਲ ਦੀ ਸਫ਼ਾਈ ਵੱਲ ਵੀ ਵਿਸੇਸ ਧਿਆਨ ਦੇਣ ਲਈ ਕਿਹਾ।
*ਫੋਟੋ ਕੈਪਸ਼ਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਫ਼ਤਹਿਗੜ੍ਹ ਸਾਹਿਬ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਦੇ ਹੋਏ*