
ਜਥੇਦਾਰ ਰਣਧੀਰ ਚੀਮਾ ਵੱਲੋਂ ਕੀਤੀਆਂ ਸ਼ਾਨਦਾਰ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਪ੍ਰੋ. ਬਡੁੰਗਰ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਸਾਬਕਾ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਰਣਧੀਰ ਸਿੰਘ ਚੀਮਾ ਦੇ ਹੋਏ ਅਕਾਲ ਚਲਾਣਾ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਕਰੀਮਪੁਰਾ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜਥੇਦਾਰ ਚੀਮਾ ਕੁਰਬਾਨੀ ਵਾਲੇ ਟਕਸਾਲੀ ਅਕਾਲੀ ਸਨ ਉਹ 1965 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਣੇ ਅਤੇ 1975 ਤੋਂ 1977 ਤੱਕ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਹੇ। ਉਨ੍ਹਾਂ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਦੀ ਪਹਿਲੀ ਅਕਾਲੀ ਸਰਕਾਰ ਅਤੇ ਬਾਅਦ ਵਿੱਚ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਵਿੱਚ ਉਹ ਕੈਬਨਿਟ ਮੰਤਰੀ ਰਹੇ। ਉਨ੍ਹਾਂ ਦੱਸਿਆ ਕਿ ਉਨ੍ਹਾਂ 1975 ਦੇ ਐਮਰਜੈਂਸੀ ਵਿਰੁੱਧ ਮੋਰਚਿਆਂ, 1982 ਦੇ ਧਰਮ ਯੁੱਧ ਮੋਰਚੇ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਜਥੇਦਾਰ ਚੀਮਾ ਵੱਲੋਂ ਕੀਤੀਆਂ ਸ਼ਾਨਦਾਰ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਥੇਦਾਰ ਚੀਮਾ ਦੇ ਦਰਸਾਏ ਪੰਥਕ ‘ਤੇ ਉਨਾਂ ਦੇ ਸਪੁੱਤਰ ਜਗਦੀਪ ਸਿੰਘ ਚੀਮਾ ਵੱਲੋਂ ਚੱਲ ਕੇ ਪੰਥਕ ਸਫਿਆਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਸਾਬਕਾ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਵਾਲੀਆ, ਮਾਤਾ ਗੁਜਰੀ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਸਿੱਧੂ, ਬਾਬਾ ਜੋਰਾਵਰ ਸਿੰਘ ਸਕੂਲ ਦੇ ਸਾਬਕਾ ਪ੍ਰਿੰਸੀਪਲ ਪ੍ਰੋਫੈਸਰ ਆਰਐਸ ਬਾਜਵਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਆਦਿ ਨੇ ਪ੍ਰੀਵਾਰ ਨਾਲ ਦੁਖ ਸਾਂਝਾ ਕੀਤਾ।
ਫੋਟੋ ਕੈਪਸ਼ਨ: ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੁੰਗਰ ਪਿੰਡ ਕਰੀਮਪੁਰਾ ‘ਚ ਚੀਮਾ ਪ੍ਰੀਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ।