ਸਿਹਤ ਵਿਭਾਗ ਨੇ ‘ਵਿਸ਼ਵ ਮਲੇਰੀਆ ਦਿਵਸ’ ਮੌਕੇ ਕੱਢੀ ਜਾਗਰੂਕਤਾ ਰੈਲੀ
ਫਤਹਿਗੜ੍ਹ ਸਾਹਿਬ(ਅਜੇ ਕੁਮਾਰ)
ਸਿਹਤ ਵਿਭਾਗ ਨੇ ‘ਵਿਸ਼ਵ ਮਲੇਰੀਆ ਦਿਵਸ’ ਮੌਕੇ ਜਿਲਾ ਹਸਪਤਾਲ ਤੋਂ ਜਾਗਰੂਕਤਾ ਰੈਲੀ ਕੱਢੀ ਜਿਸ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਬੈਨਰ ਅਤੇ ਤਖਤੀਆਂ ਚੁੱਕੀਆਂ ਹੋਈਆਂ ਸਨ ਜੋ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਾਗਰੂਕ ਕਰਦੀ ਹੋਈ ਵਾਪਸ ਜਿਲਾ ਹਸਪਤਾਲ ਵਿੱਚ ਆ ਕੇ ਸਮਾਪਤ ਹੋਈ। ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਮੱਛਰ ਦੀ ਪੈਦਾਇਸ਼ ਨੂੰ ਰੋਕਣ ਅਤੇ ਮਲੇਰੀਏ ਸਬੰਧੀ ਜਾਗਰੂਕ ਕਰਨ ਲਈ ਹਰ ਸਾਲ ਇਹ ਦਿਨ ਮਨਾਇਆ ਜਾਦਾ ਹੈ ਜਿਸ ਤਹਿਤ ਸਕੂਲੀ ਬੱਚਿਆਂ ਨੂੰ ਕੈਂਪ ਲਗਾ ਕੇ ਅਤੇ ਆਮ ਲੋਕਾਂ ਨੂੰ ਮਾਈਕਿੰਗ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਠੰਢ, ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ ਅਤੇ ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਪਸੀਨਾ ਆਉਣਾ ਮਲੇਰੀਆ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਮਲੇਰੀਆ ਤੋਂ ਬਚਣ ਲਈ ਘਰਾਂ ਵਿੱਚ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਨਾਲੀਆਂ ਅਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜਿਲਾ ਐਪੀਡਿਮਾਲੋਜਿਸਟ ਡਾ ਪ੍ਰਭਜੋਤ ਕੌਰ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਇਸ ਲਈ ਸਾਨੂੰ ਬੁਖਾਰ ਹੋਣ ਦੀ ਸੂਰਤ ਵਿੱਚ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਆਪਣੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨਾ ਦੱਸਿਆ ਕਿ ਸਰਕਾਰ ਵੱਲੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਮਲੇਰੀਏ ਦੀ ਜਾਂਚ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਜਿਲਾ ਡੈਂਟਲ ਸਿਹਤ ਅਫਸਰ ਡਾ ਪਾਰੁਲ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ, ਡਾ ਸੰਪਨ, ਡੀਪੀਐਮ ਡਾ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ‘ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਸਹਾਇਕ ਮਲੇਰੀਆ ਅਫਸਰ ਸੋਮਨਾਥ, ਕੁਲਬੀਰ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਤੇਜੀ ਅਤੇ ਇੰਨਸੈਕਟ ਕੁਲੈਕਟਰ ਮਨਦੀਪ ਕੌਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਜਾਗਰੂਕਤਾ ਰੈਲੀ ਨੂੰ ਹਰੀ ਚੰਡੀ ਦੇ ਕੇ ਰਵਾਨਾ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ।