
ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਖ਼ਿਲਾਫ਼ ਲੋਕ ਰੋਹ ਭਖਿਆ-ਆਪ ਵੱਲੋਂ ਅਮਲੋਹ ਵਿਖੇ ਜਬਰਦਸਤ ਪ੍ਰਦਰਸ਼ਨ
ਅਮਲੋਹ(ਅਜੇ ਕੁਮਾਰ)
ਹਰਿਆਣਾ ਅਤੇ ਕੇਂਦਰ ਦੀਆਂ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਅਤੇ ਬੀ.ਬੀ.ਐਮ.ਬੀ. ਵੱਲੋਂ ਚੁੱਕੇ ਜਾ ਰਹੇ ਪੰਜਾਬ ਵਿਰੋਧੀ ਕਦਮਾਂ ਖਿਲਾਫ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਸੇਧ ਮੁਤਾਬਕ ਸ਼ਿੰਗਾਰਾ ਸਿੰਘ ਸਲਾਣਾ, ਪ੍ਰਧਾਨ ਟਰਾਂਸਪੋਰਟ ਸੈਲ ਆਪ ਦੀ ਅਗਵਾਈ ਵਿੱਚ ਹਲਕੇ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਤੇ ਆਮ ਲੋਕਾਂ ਵੱਲੋਂ ਸ਼ਹਿਰ ਵਿੱਚ ਰੋਸ ਰੈਲੀ ਕੱਢਣ ਉਪਰੰਤ ਰੋਸ ਪ੍ਰਦਰਸ਼ਨ ਕਰਦਿਆਂ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਸਮੇਤ ਬੀ.ਬੀ.ਐਮ.ਬੀ. ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਪ ਆਗੂਆਂ ਤੇ ਵਰਕਰਾਂ ਨੇ ਰੋਸ ਰੈਲੀ ਵਿੱਚ ਸ਼ਾਮਿਲ ਹੁੰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤਾਂ ਦੀ ਸਿੰਚਾਈ ਲਈ ਪਹਿਲਾਂ ਹੀ ਪਾਣੀ ਦੀ ਕਮੀ ਨਾਲ ਜੂਝ ਰਿਹਾ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਡਿੱਗ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਸ ਦੇ ਕਾਨੂੰਨੀ ਹੱਕ ਤੋਂ ਸੱਖਣਾ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ। ਆਗੂਆਂ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ।
ਫੋਟੋ ਕੈਪਸ਼ਨ: ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਤੇ ਆਮ ਲੋਕ ਰੋਸ ਰੈਲੀ ਕੱਢਣ ਉਪਰੰਤ ਪ੍ਰਦਰਸ਼ਨ ਕਰਦੇ ਹੋਏ।